ਚੰਡੀਗੜ੍ਹ, 27 ਮਾਰਚ, – ਕੇਂਦਰ ਸਰਕਾਰ ਨੇ ਪੰਜਾਬ ਵਿੱਚ ਬਣੀ ਨਵੀਂ ਸਰਕਾਰ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ। ਦਰਅਸਲ, ਮੋਦੀ ਸਰਕਾਰ ਵੱਲੋਂ ਪੰਜਾਬ ਵਿੱਚ ਬਿਜਲੀ ਦੇ ‘ਪ੍ਰੀਪੇਡ ਸਮਾਰਟ ਮੀਟਰ’ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੇਂਦਰ ਦੇ ਇਸ ਫਰਮਾਨ ਤੋਂ ਬਾਅਦ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਵਿੱਚ ਅਗਲੇ ਤਿੰਨ ਮਹੀਨਿਆਂ ਦੌਰਾਨ 85000 ਪ੍ਰੀਪੇਡ ਬਿਜਲੀ ਮੀਟਰ ਲਗਾਏ ਜਾਣਗੇ ਪਰ ਇਸ ਦੌਰਾਨ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਨੁਸਾਰ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਵੀ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਪ੍ਰੀਪੇਡ ਮੀਟਰ ਲਾਉਣ ਤੋਂ ਬਾਅਦ ਪ੍ਰੀਪੇਡ ਬਿਜਲੀ ਮੀਟਰਾਂ ਦੀ ਲਾਗਤ ਪੰਜਾਬ ਸਰਕਾਰ ਸਹਿਣ ਕਰੇਗੀ। ਇਸ ਦੌਰਾਨ ਪੰਜਾਬ ਦੇ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਹਰਭਜਨ ਸਿੰਘ ਈਟੀਓ ਬਿਜਲੀ ਦੀ ਵੱਧ ਖਪਤ ਬਾਰੇ ਕਿਹਾ ਕਿ ਪੰਜਾਬ ਦੂਜੇ ਰਾਜਾਂ ਤੋਂ ਬਿਜਲੀ ਖਰੀਦੇਗਾ ਪਰ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਿਜਲੀ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਤਿਆਰੀਆਂ ਕਰ ਲਈਆਂ ਗਈਆਂ ਹਨ। ਦੱਸ ਦੇਈਏ ਕਿ ਸੀ.ਐਮ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਝਟਕਾ ਦਿੰਦੇਅੰਬ ਪੰਜਾਬ ਵਿੱਚ 3 ਮਹੀਨੇ ਦੇ ਅੰਦਰ 85 ਹਜ਼ਾਰ ਸਮਾਰਟ ਪ੍ਰੀ-ਪੇਡ ਮੀਟਰ ਲਾਉਣ ਲਈ ਕਿਹਾ ਗਿਆ ਹੈ। ਜੇ ਕੇਂਦਰ ਸਰਕਾਰ ਦੇ ਫਰਮਾਨ ਅਨੁਸਾਰ ਮੀਟਰ ਨਾ ਲਗਾਏ ਗਏ ਤਾਂ ਕੇਂਦਰ ਵੱਲੋਂ ਬਿਜਲੀ ਸੁਧਾਰ ਫੰਡ ਰੋਕਣ ਦੀ ਚਿਤਾਵਨੀ ਦਿੱਤੀ ਗਈ ਹੈ।