ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਅੱਜ ਇਕ ਖੁਸ਼ਖ਼ਬਰੀ ਦਾ ਐਲਾਨ ਕੀਤਾ ਹੈ। 1 ਅਪ੍ਰੈਲ, 2022 ਤੋਂ ਦੁੱਧ ਦੀ ਖਰੀਦ ਕੀਮਤ ’ਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ’ਚ ਵਾਧੇ ਦੇ ਨਾਲ-ਨਾਲ ਪਸ਼ੂ ਖੁਰਾਕ ’ਚ ਵਰਤੇ ਜਾਣ ਵਾਲੇ ਕੱਚੇ ਮਾਲ ਦੀਆਂ ਕੀਮਤਾਂ ’ਚ ਹੋਏ ਵਾਧੇ ਨਾਲ ਦੁੱਧ ਉਤਪਾਦਕਾਂ ਦਾ ਮੁਨਾਫਾ ਘਟ ਰਿਹਾ ਸੀ, ਜਿਸ ਕਰਕੇ ਮਿਲਕਫੈੱਡ ਵੱਲੋਂ ਆਪਣੇ ਨਾਲ ਜੁੜੇ 2.5 ਲੱਖ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਦੀ ਬਿਹਤਰੀ ਲਈ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਦੁੱਧ ਦੀ ਖਰੀਦ ਕੀਮਤ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮਿਲਕਫੈੱਡ ਨੇ 1 ਮਾਰਚ, 2022 ਨੂੰ ਦੁੱਧ ਖਰੀਦ ਰੇਟ ’ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਵੇਰਕਾ ਦੀਆਂ ਪਿੰਡ ਪੱਧਰੀ ਦੁੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਅਤੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣ। ਇਸ ਫੈਸਲੇ ਸਬੰਧੀ ਵਧੀਕ ਮੁੱਖ ਸਕੱਤਰ, ਸਹਿਕਾਰਤਾ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਮਿਲਕਫੈੱਡ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਦੀ ਹਮੇਸ਼ਾ ਬਾਂਹ ਫੜਦਾ ਆ ਰਿਹਾ ਹੈ। ਖਾਸ ਕਰਕੇ ਕੋਵਿਡ ਮਹਾਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈੱਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਨਾ ਸਿਰਫ ਸਾਰਾ ਦੁੱਧ ਹੀ ਖਰੀਦਿਆਂ ਸਗੋਂ ਦੁੱਧ ਦੇ ਖਰੀਦ ਭਾਅ ਵੀ ਨਹੀਂ ਘਟਾਏ।
ਉਨ੍ਹਾਂ ਕਿਹਾ ਕਿ ਮਿਲਕਫੈੱਡ ਹਮੇਸ਼ਾ ਤੋਂ ਇਹ ਕੋਸ਼ਿਸ਼ ਕਰਦਾ ਆ ਰਿਹਾ ਹੈ ਕਿ ਦੁੱਧ ਉਤਪਾਦਕਾਂ ਦੇ ਉਤਪਾਦਨ ਵਿਚ ਵਾਧਾ ਹੋਵੇ ਅਤੇ ਚੰਗੀ ਕੁਆਲਿਟੀ ਦਾ ਦੁੱਧ ਪੈਦਾ ਕੀਤਾ ਜਾਵੇ ਤਾਂ ਜੋ ਉਪਭੋਗਤਾ ਨੂੰ ਵੀ ਉੱਤਮ ਕੁਆਲਿਟੀ ਦਾ ਵੇਰਕਾ ਦੁੱਧ ਮਿਲਦਾ ਰਹੇ। ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਅਰੁਣ ਸੇਖੜੀ ਨੇ ਕਿਹਾ ਕਿ ਦੁੱਧ ਦੇ ਭਾਅ ਵਧਾਉਣ ਨਾਲ ਨਾ ਸਿਰਫ ਮੌਜੂਦਾ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ, ਸਗੋਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਵੀ ਇਸ ਧੰਦੇ ਨੂੰ ਅਪਣਾਉਣਗੇ।
ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਹਮੇਸ਼ਾ ਆਪਣੇ ਦੁੱਧ ਉਤਪਾਦਕ ਕਿਸਾਨਾਂ ਨੂੰ ਉੱਤਮ ਕੁਆਲਿਟੀ ਦਾ ਦੁੱਧ ਪੈਦਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਕਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਮਿਲਕਫੈੱਡ ਵੱਲੋਂ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਦੂਜੇ ਗੁਆਂਢੀ ਸੂਬਿਆਂ ਤੋਂ ਵੱਧ ਕੀਮਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੇਰਕਾ ਆਪਣੇ ਖਪਤਕਾਰਾਂ ਨੂੰ ਲਗਾਤਾਰ ਉੱਤਮ ਕੁਆਲਿਟੀ ਦੇ ਦੁੱਧ ਪਦਾਰਥ ਮੁਹੱਈਆ ਕਰਾਉਣ ਲਈ ਵਚਨਬੱਧ ਹੈ।