ਜਲੰਧਰ:14 ਮਈ (ਜੀ ਐਸ ਸਿੱਧੂ) ਹਾਲ ਹੀ ਵਿੱਚ ਹੋਈ ਨੀਟ ਦੀ ਪ੍ਰੀਖਿਆ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ ਅਤੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੇ ਦੇਸ਼ ਭਰ ਦੇ ਵਿਦਿਆਰਥੀ ਜਗਤ ਵਿੱਚ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਸ ਗੰਭੀਰ ਮੁੱਦੇ ‘ਤੇ ਆਪਣਾ ਸਖ਼ਤ ਪ੍ਰਤੀਕਰਮ ਦਿੰਦਿਆਂ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐੱਸਐੱਫ) ਨੇ ਇੱਥੋਂ ਬਿਆਨ ਜਾਰੀ ਕਰਕੇ ਕੇਂਦਰ ਸਰਕਾਰ ਅਤੇ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਦੇ ਨਕਾਰਾਪਨ ਦੀ ਸਖ਼ਤ ਨਿਖੇਧੀ ਕੀਤੀ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਰਵੀ ਲੋਹਗੜ੍ਹ ਅਤੇ ਸੂਬਾ ਜਨਰਲ ਸਕੱਤਰ ਗਗਨਦੀਪ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਹ ਮਹਿਜ਼ ਇੱਕ ਪ੍ਰਸ਼ਾਸਨਿਕ ਗਲਤੀ ਨਹੀਂ, ਸਗੋਂ ਲੱਖਾਂ ਮਿਹਨਤੀ ਵਿਦਿਆਰਥੀਆਂ ਦੇ ਸੁਪਨਿਆਂ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਸਾਲਾਂ ਬੱਧੀ ਮਿਹਨਤ ਕਰਕੇ ਅਤੇ ਆਪਣੀ ਜਮ੍ਹਾਂ ਪੂੰਜੀ ਲਗਾ ਕੇ ਇਸ ਪ੍ਰੀਖਿਆ ਦੀ ਤਿਆਰੀ ਕਰਦੇ ਹਨ, ਪਰ ਨੈਸ਼ਨਲ ਟੈਸਟਿੰਗ ਏਜੰਸੀ ਦੀ ਨਾਕਾਮੀ ਨੇ ਉਨ੍ਹਾਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕ ਦਿੱਤਾ ਹੈ। ਰਵੀ ਅਤੇ ਗਗਨਦੀਪ ਨੇ ਸਿੱਧਾ ਇਲਜ਼ਾਮ ਲਾਇਆ ਕਿ ਭਾਰਤ ਸਰਕਾਰ ਅਜਿਹੀਆਂ ਅਹਿਮ ਪ੍ਰੀਖਿਆਵਾਂ ਦੀ ਪਵਿੱਤਰਤਾ ਬਣਾਏ ਰੱਖਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।
ਆਗੂਆਂ ਨੇ ਪ੍ਰੀਖਿਆ ਪ੍ਰਣਾਲੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਵਾਰ-ਵਾਰ ਪੇਪਰ ਲੀਕ ਹੋਣਾ ਸਿੱਖਿਆ ਤੰਤਰ ਵਿੱਚ ਫੈਲੇ ਭ੍ਰਿਸ਼ਟਾਚਾਰ ਦਰਸਾਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ-ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਇਸ ਪਿੱਛੇ ਲੁਕੇ ਅਸਲ ਦੋਸ਼ੀਆਂ ਨੂੰ ਬੇਨਕਾਬ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦਾ ਹੋਇਆ ਮਾਨਸਿਕ ਅਤੇ ਅਕਾਦਮਿਕ ਨੁਕਸਾਨ ਅਸਹਿ ਹੈ।
ਪੰਜਾਬ ਸਟੂਡੈਂਟਸ ਫੈਡਰੇਸ਼ਨ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਵਿਦਿਆਰਥੀਆਂ ਨੂੰ ਜਲਦੀ ਇਨਸਾਫ਼ ਨਾ ਦਿੱਤਾ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਨਾ ਲਿਆਂਦੀ, ਤਾਂ ਜਥੇਬੰਦੀ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਪੀਐੱਸਐੱਫ ਨੇ ਸਾਰੇ ਵਿਦਿਆਰਥੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਇਸ ਲੜਾਈ ਵਿੱਚ ਇੱਕਜੁੱਟ ਹੋਣ ਦਾ ਸੱਦਾ ਵੀ ਦਿੱਤਾ।
