ਜੀਰਾ/ ਫਿਰੋਜ਼ਪੁਰ ,(ਹਰਪ੍ਰੀਤ ਕੌਰ ਸਿੱਧੂ ) ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਐਲਾਨ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨੇ ਸ਼ੁਰੂ ਕਰ ਦਿੱਤੇ ਹਨ।ਇਸ ਤਹਿਤ ਵਿਧਾਨ ਸਭਾ ਜ਼ੀਰਾ ਦੀ ਨਗਰ ਕੌਂਸਲ ਜ਼ੀਰਾ ਦੇ ਵਾਰਡ ਨੰਬਰ 5 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਸਰਬਜੀਤ ਕੌਰ ਗਿੱਲ ਪਤਨੀ ਸੀਨੀਅਰ ਕਾਂਗਰਸੀ ਆਗੂ ਰਸ਼ਪਾਲ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜਦੋਂ ਕਿ ਕਵਰਿੰਗ ਉਮੀਦਵਾਰ ਵਜੋਂ ਕਿਰਨਦੀਪ ਕੌਰ ਗਿੱਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਸ਼ਪਾਲ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਰਨ ਦੀ ਜਗਾ ਵਿਨਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਮੁਚੇ ਵਾਰਡਾਂ ਦੀਆਂ ਗਲੀਆਂ ਨਾਲੀਆਂ ਦੀ ਹਾਲਤ ਤਰਸਯੋਗ ਬਣੀ ਹੋਈ ਅਤੇ ਲੋਕ ਸਰਕਾਰ ਨੂੰ ਕੋਸ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਜ਼ੀਰਾ ਦੇ ਸਫ਼ਾਈ ਸੇਵਕ ਯੂਨੀਅਨ ਦੇ ਮੁਲਾਜ਼ਮ ਦੀਆਂ ਮੰਗਾਂ ਨਾ ਮੋੜਣ ਕਰਕੇ ਕੂੜੇ ਦੇ ਢੇਰ ਲੱਗ ਗਏ ਹਨ ਅਤੇ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿੱਤੀ ਜਾਵੇ ਤਾਂ ਜ਼ੋ ਸ਼ਹਿਰਾਂ ਦੀ ਦਿੱਖ ਮੁੜ ਤੋਂ ਸੁੰਦਰ ਬਣ ਸਕੇ।
0
