ਮੋਹਾਲੀ : ਸਿਹਤ ਖ਼ਰਾਬ ਹੋਣ ਦੇ ਚੱਲਦਿਆਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਛੁੱਟੀ ਮਿਲ ਗਈ ਹੈ। ਫੋਰਟਿਸ ਹਸਪਤਾਲ ਵੱਲੋਂ ਜਾਰੀ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਤਸੱਲੀਬਖ਼ਸ਼ ਹਾਲਤ ‘ਚ ਛੁੱਟੀ ਦਿੱਤੀ ਜਾ ਰਹੀ ਹੈ।ਬਾਦਲ ਸਾਹਿਬ ਪੂਰੀ ਤਰ੍ਹਾਂ ਸਿਹਤਯਾਬ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਕੁੱਝ ਦਿਨ ਪਹਿਲਾਂ ਛਾਤੀ ’ਚ ਦਰਦ ਦੀ ਸ਼ਿਕਾਇਤ ਕਾਰਨ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।ਇਸ ਦੌਰਾਨ ਉਨ੍ਹਾਂ ਦੀ ਸਿਹਤ ਬਹੁਤ ਖ਼ਰਾਬ ਹੋ ਗਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਫੋਰਟਿਸ ਹਸਪਤਾਲ ’ਚ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ।