Home » ਪੰਜਾਬ ’ਚ ਰਜਿਸਟਰੀਆਂ ਤੋਂ ਆਮਦਨ ’ਚ 21.87 ਫੀਸਦੀ ਵਾਧਾ : ਬ੍ਰਹਮਸ਼ੰਕਰ ਜਿੰਪਾ

ਪੰਜਾਬ ’ਚ ਰਜਿਸਟਰੀਆਂ ਤੋਂ ਆਮਦਨ ’ਚ 21.87 ਫੀਸਦੀ ਵਾਧਾ : ਬ੍ਰਹਮਸ਼ੰਕਰ ਜਿੰਪਾ

by Rakha Prabh
164 views

ਪੰਜਾਬ ’ਚ ਰਜਿਸਟਰੀਆਂ ਤੋਂ ਆਮਦਨ ’ਚ 21.87 ਫੀਸਦੀ ਵਾਧਾ : ਬ੍ਰਹਮਸ਼ੰਕਰ ਜਿੰਪਾ
ਚੰਡੀਗੜ੍ਹ, 24 ਸਤੰਬਰ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ’ਚ ਸਿਰਫ ਅਗਸਤ ਮਹੀਨੇ ’ਚ ਹੀ ਪਿਛਲੇ ਸਾਲ ਦੇ ਮੁਕਾਬਲੇ 21.87 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭਿ੍ਰਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ’ਚ ਲਗਾਤਾਰ ਵਾਧਾ ਹੋ ਰਿਹਾ ਹੈ।

ਮਾਲ ਮੰਤਰੀ ਜਿੰਪਾ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ 1 ਅਗਸਤ ਤੋਂ 31 ਅਗਸਤ 2022 ਤੱਕ ਖਜ਼ਾਨੇ ’ਚ 281 ਕਰੋੜ 18 ਲੱਖ 60 ਹਜ਼ਾਰ 67 ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਅਗਸਤ ਮਹੀਨੇ ਨਾਲੋਂ ਇਹ ਆਮਦਨ 21.87 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ’ਚ ਇਹ ਆਮਦਨ 230 ਕਰੋੜ 70 ਲੱਖ 97 ਹਜ਼ਾਰ 158 ਰੁਪਏ ਸੀ।

ਮਾਲ ਮੰਤਰੀ ਜਿੰਪਾ ਨੇ ਕਿਹਾ ਕਿ ਇਸ ਸਾਲ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਅਤੇ ਸਟੈਂਪ ਪੇਪਰਾਂ ਦੀ ਵਿਕਰੀ ਤੋਂ ਪੰਜਾਬ ਦੀ ਆਮਦਨ ’ਚ ਹੋਰ ਜ਼ਿਆਦਾ ਵਾਧਾ ਦਰਜ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਣਅਧਿਕਾਰਤ ਕਲੋਨੀਆਂ ਦੇ ਐਨ.ਓ.ਸੀ. ਧਾਰਕਾਂ ਨੂੰ ਆਪਣੇ ਪਲਾਟ/ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਦੀ ਆਗਿਆ ਦੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀਆਂ ਜਾਇਦਾਦਾਂ 19 ਮਾਰਚ 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ’ਚ ਪੈਂਦੀਆਂ ਹਨ, ਉਹ ਆਨਲਾਈਨ ਦਰਖਾਸਤ ਦੇ ਕੇ ਐਨ.ਓ.ਸੀ. ਪ੍ਰਾਪਤ ਕਰ ਸਕਦੇ ਹਨ ਅਤੇ ਉਸ ਤੋਂ ਬਾਅਦ ਰਜਿਸਟਰੀ ਕਰਵਾਉਣ ’ਚ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ।

ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਮਾਲ ਮੰਤਰੀ ਜਿੰਪਾ ਵੱਲੋਂ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ’ਚ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ’ਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਪਿਛਲੇ 6 ਮਹੀਨਿਆਂ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆਂ ਨਹੀਂ ਜਾਵੇਗਾ।

Related Articles

Leave a Comment