ਫੰਡਾਂ ’ਚ ਲੱਖਾਂ ਰੁਪਏ ਦੀ ਘਪਲੇਬਾਜੀ ਕਰਨ ਦੇ ਦੋਸ਼ ਤਹਿਤ ਬੀਡੀਪੀਓ ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
ਲੁਧਿਆਣਾ, 28 ਸਤੰਬਰ : ਵਿਜੀਲੈਂਸ ਬਿਊਰੋ ਨੇ ਸਿੱਧਵਾਂ ਬੇਟ ਦੇ ਬੀਡੀਪੀਓ ਸਤਵਿੰਦਰ ਸਿੰਘ ਕੰਗ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ 65 ਲੱਖ ਰੁਪਏ ਦੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਭਾਗ ਦੇ ਮੁਤਾਬਕ, 26 ਪਿੰਡਾਂ ਲਈ ਸਟਰੀਟ ਲਾਈਟਾਂ ਮਨਜੂਰ ਦਾ ਰੇਟ ਤੋਂ ਦੁੱਗਣੀ ਕੀਮਤ ’ਤੇ ਖਰੀਦੀਆਂ ਗਈਆਂ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 12 ਜੁਲਾਈ ਨੂੰ ਪੜਤਾਲ ਦੌਰਾਨ ਪਾਇਆ ਗਿਆ ਕਿ ਸਤਵਿੰਦਰ ਸਿੰਘ ਬੀਡੀਪੀਓ (ਹੁਣ ਮੁਅੱਤਲ) ਨੂੰ 26 ਪਿੰਡਾਂ ’ਚ ਸਟਰੀਟ ਲਾਈਟਾਂ ਲਗਾਉਣ ਲਈ ਸਰਕਾਰੀ ਗਰਾਂਟ ਮਿਲੀ ਸੀ। ਫੰਡਾਂ ’ਚ ਗਬਨ ਕਰਨ ਲਈ ਉਕਤ ਬੀਡੀਪੀਓ ਨੇ ਮੈਸਰਜ ਅਮਰ ਇਲੈਕਟ੍ਰੀਕਲ ਐਂਟਰਪ੍ਰਾਈਜਿਜ ਦੇ ਮਾਲਕ ਗੌਰਵ ਸ਼ਰਮਾ ਨਾਲ ਅਪਰਾਧਿਕ ਮਿਲੀਭੁਗਤ ਨਾਲ 3325 ਰੁਪਏ ਦੇ ਪ੍ਰਵਾਨਿਤ ਰੇਟ ਦੇ ਮੁਕਾਬਲੇ ਜਾਣਬੁੱਝ ਕੇ 7288 ਰੁਪਏ ਪ੍ਰਤੀ ਲਾਈਟ ਦੇ ਹਿਸਾਬ ਨਾਲ ਲਾਈਟਾਂ ਖਰੀਦੀਆਂ ਸਨ। ਇਸ ਤਰ੍ਹਾਂ ਉਸ ਨੇ 65 ਲੱਖ ਰੁਪਏ ਦੀ ਸਰਕਾਰੀ ਗਰਾਂਟ ਨੂੰ ਆਪਣੀ ਵਰਤੋਂ ਲਈ ਗਬਨ ਕਰਕੇ ਸਰਕਾਰੀ ਖਜਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਭਿ੍ਰਸਟਾਚਾਰ ਰੋਕੂ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਾਅਦ ’ਚ ਜਾਂਚ ਦੌਰਾਨ ਲਖਵਿੰਦਰ ਸਿੰਘ ਚੇਅਰਮੈਨ ਬਲਾਕ ਸੰਮਤੀ ਸਿੱਧਵਾਂ ਬੇਟ ਨੂੰ ਵੀ ਇਸ ਕੇਸ ’ਚ ਨਾਮਜਦ ਕੀਤਾ ਗਿਆ ਹੈ। ਇਸ ਮਾਮਲੇ ’ਚ ਬੀਡੀਪੀਓ ਅਤੇ ਚੇਅਰਮੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਦਾਲਤ ’ਚ ਪੇਸ ਕੀਤਾ ਜਾਵੇਗਾ।
ਗਬਨ ਕਰਨ ਦੇ ਢੰਗ ਦੀ ਜਾਣਕਾਰੀ ਦਿੰਦਿਆਂ ਬੁਲਾਰੇ ਦੱਸਿਆ ਕਿ ਬਲਾਕ ਸੰਮਤੀ ਸਿੱਧਵਾਂ ਬੇਟ ਦੇ ਮੈਂਬਰਾਂ ਵੱਲੋਂ 30 ਦਸੰਬਰ 2021 ਨੂੰ ਸਟਰੀਟ ਲਾਈਟਾਂ ਲਗਾਉਣ ਦਾ ਮਤਾ ਪਾਸ ਕੀਤਾ ਗਿਆ ਸੀ ਪਰ ਮੁਲਜਮ ਬੀਡੀਪੀਓ ਨੇ ਮਤਾ ਪਾਸ ਹੋਣ ਤੋਂ ਪਹਿਲਾਂ ਹੀ 27 ਦਸੰਬਰ 2021 ਨੂੰ ਕੋਟੇਸਨ ਮਨਜੂਰ ਕਰ ਦਿੱਤੀ। ਫੰਡ ਹੜੱਪਣ ਲਈ ਉਪਰੋਕਤ ਬੀਡੀਪੀਓ ਨੇ ਮੁਕੰਮਲਤਾ ਸਰਟੀਫਿਕੇਟ ਵੀ ਤਿਆਰ ਕਰ ਲਿਆ ਸੀ, ਇੱਥੋਂ ਤੱਕ ਕਿ 26 ਪਿੰਡਾਂ ’ਚ ਸਟਰੀਟ ਲਾਈਟਾਂ ਵੀ ਨਹੀਂ ਲਗਾਈਆਂ ਗਈਆਂ ਸਨ। ਬੁਲਾਰੇ ਮੁਤਾਬਕ, ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।