ਭਾਜਪਾ ਨੇ ਰਾਜਪਾਲ ਤੋਂ ਕੀਤੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ
ਚੰਡੀਗੜ੍ਹ, 28 ਸਤੰਬਰ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਫਿਰ ਤੋਂ ਪੇਸ਼ ਕੀਤੇ ਗਏ ਭਰੋਸੇ ਦੇ ਮਤੇ ’ਤੇ ਨੂੰ ਪੰਜਾਬ ਦੇ ਰਾਜਪਾਲ ਤੋਂ ਸਰਕਾਰ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ।
ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਇਸ਼ਾਰੇ ’ਤੇ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਂਦੇ ਹੋਏ ਪੰਜਾਬ ਦੇ ਲੋਕਾਂ ਦਾ ਭਰੋਸਾ ਵੀ ਤੋੜਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਸੈਸ਼ਨ ਤਿੰਨ ਅਹਿਮ ਮੁੱਦਿਆਂ ਜੀ.ਐਸ.ਟੀ, ਬਿਜਲੀ, ਪਰਾਲੀ ਸਾੜਨ ’ਤੇ ਚਰਚਾ ਕਰਨ ਲਈ ਬੁਲਾਇਆ ਗਿਆ ਸੀ, ਪਰ ਪੰਜਾਬ ਸਰਕਾਰ ਨੇ ਇਸ ਬਾਰੇ ਕੋਈ ਚਰਚਾ ਨਹੀਂ ਕੀਤੀ, ਸਗੋਂ ਸਦਨ ’ਚ ਭਰੋਸੇ ਦਾ ਮਤਾ ਪੇਸ਼ ਕਰ ਦਿੱਤਾ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਨਯੋਗ ਰਾਜਪਾਲ ਨੂੰ ਸੰਵਿਧਾਨ ਤਹਿਤ ਮੰਗੀ ਗਈ ਸੂਚਨਾ ਗਲਤ ਮੁਹੱਈਆ ਕਰਵਾਉਣ ਲਈ ਮਾਨਯੋਗ ਰਾਜਪਾਲ ਨੂੰ ਪੰਜਾਬ ਸਰਕਾਰ ਨੂੰ ਬਰਖਾਸਤ ਕਰਨਾ ਚਾਹੀਦਾ ਹੈ।