Home » Big News : ਬੇਨਿਯਮੀਆਂ ਦੇ ਆਰੋਪਾਂ ਦੇ ਚਲਦੇ ਸੁਪਰਡੈਂਟ ਇੰਜੀਨੀਅਰ ਸਮੇਤ 3 ਪਾਵਰਕਾਮ ਮੁਲਾਜ਼ਮ ਮੁਅੱਤਲ

Big News : ਬੇਨਿਯਮੀਆਂ ਦੇ ਆਰੋਪਾਂ ਦੇ ਚਲਦੇ ਸੁਪਰਡੈਂਟ ਇੰਜੀਨੀਅਰ ਸਮੇਤ 3 ਪਾਵਰਕਾਮ ਮੁਲਾਜ਼ਮ ਮੁਅੱਤਲ

by Rakha Prabh
180 views

Big News : ਬੇਨਿਯਮੀਆਂ ਦੇ ਆਰੋਪਾਂ ਦੇ ਚਲਦੇ ਸੁਪਰਡੈਂਟ ਇੰਜੀਨੀਅਰ ਸਮੇਤ 3 ਪਾਵਰਕਾਮ ਮੁਲਾਜ਼ਮ ਮੁਅੱਤਲ
ਫਿਰੋਜ਼ਪੁਰ, 2 ਅਕਤੂਬਰ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ’ਚ ਬੇਨਿਯਮੀਆਂ ਪਾਏ ਜਾਣ ’ਤੇ ਸੁਪਰਡੈਂਟ ਇੰਜੀਨੀਅਰ ਸਮੇਤ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਮੁਅੱਤਲ ਕੀਤੇ ਗਏ ਅਧਿਕਾਰੀਆਂ ’ਚ ਡਿਸਟ੍ਰੀਬਿਊਸ਼ਨ ਸਰਕਲ ਫਿਰੋਜ਼ਪੁਰ ਦਾ ਸੁਪਰਡੈਂਟ ਇੰਜੀਨੀਅਰ (ਐੱਸਈ) ਭੁਪਿੰਦਰ ਸਿੰਘ, ਡਵੀਜ਼ਨਲ ਲੇਖਾਕਾਰ ਜਸਵਿੰਦਰ ਸਿੰਘ ਅਤੇ ਸਰਕਲ ਅਸਿਸਟੈਂਟ ਅਸ਼ੋਕ ਕੁਮਾਰ ਸ਼ਾਮਲ ਹਨ। ਇਸ ਤੋਂ ਇਲਾਵਾ ਵਿਭਾਗ ਨੇ ਇਨ੍ਹਾਂ ਬੇਨਿਯਮੀਆਂ ’ਚ ਸ਼ਾਮਲ ਕੰਪਿਊਟਰ ਆਪਰੇਟਰ ਦੀਆਂ ਸੇਵਾਵਾਂ ਵੀ ਖ਼ਤਮ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਐੱਸਈ ਭੁਪਿੰਦਰ ਸਿੰਘ ਅਜੇ ਕੁਝ ਮਹੀਨੇ ਪਹਿਲੋਂ ਹੀ ਐਕਸੀਅਨ ਤੋਂ ਪ੍ਰਮੋਟ ਹੋ ਕੇ ਐਸਈ ਬਣੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀਐਸਪੀਸੀਐਲ ਦੀ ਮਮਦੋਟ ਸਬ-ਡਵੀਜ਼ਨ ’ਚ ਕੁਨੈਕਸ਼ਨ ਦੇਣ ਅਤੇ ਸੁਧਾਰ ਦੇ ਕੰਮਾਂ ਲਈ ਬਿਜਲੀ ਲਾਈਨਾਂ ਵਿਛਾਉਣ ਸਬੰਧੀ ਵਰਕ ਆਰਡਰ ਜਾਰੀ ਕਰਨ ’ਚ ਬੇਨਿਯਮੀਆਂ ਦੀ ਸ਼ਿਕਾਇਤ ਮਿਲਣ ਉਪਰੰਤ ਜਾਂਚ ਦੇ ਹੁਕਮ ਦਿੱਤੇ ਸਨ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਤਕਨੀਕੀ ਆਡਿਟ ਵਿੰਗ ਵੱਲੋਂ ਮੁੱਢਲੀ ਜਾਂਚ ਕੀਤੀ ਗਈ ਅਤੇ ਇਹ ਪਾਇਆ ਗਿਆ ਕਿ ਪੀਐਸਪੀਸੀਐਲ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਉਨ੍ਹਾਂ ਕੰਮਾਂ ਲਈ ਵਰਕ ਆਰਡਰ ਜਾਰੀ ਕਰਨ ਲਈ ਮਿਲੀਭੁਗਤ ਕੀਤੀ ਸੀ, ਜੋ ਕਿ ਪਿਛਲੇ ਸਾਲਾਂ ’ਚ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਸਨ।

ਉਨ੍ਹਾਂ ਕਿਹਾ ਕਿ 2017-18, 2018-19 ਅਤੇ 2019-20 ਵਿੱਤੀ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦੇ 41.88 ਲੱਖ ਰੁਪਏ ਦੇ ਵਰਕ ਆਰਡਰ 2020-21 ਅਤੇ 2021-22 ’ਚ ਦਿੱਤੇ ਗਏ ਸਨ। ਇਸ ਤੋਂ ਇਲਾਵਾ ਇਹ ਵਰਕ ਆਰਡਰ ਪਿਛਲੇ ਸਾਲਾਂ, ਜਦੋਂ ਇਹ ਕੰਮ ਕੀਤੇ ਗਏ ਸਨ, ਦੀ ਕੀਮਤ ਨਾਲੋਂ ਵੱਧ ਕੀਮਤ ’ਤੇ ਦਿੱਤੇ ਗਏ ਸਨ, ਜਿਸ ਨਾਲ ਪੀਐੱਸਪੀਸੀਐੱਲ ਨੂੰ ਕਾਫੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਇਹ ਵੀ ਦੇਖਿਆ ਗਿਆ ਕਿ ਕੁਝ ਮਾਮਲਿਆਂ ’ਚ ਇੱਕੋ ਕੰਮ ਲਈ ਵੱਖ-ਵੱਖ ਠੇਕੇਦਾਰਾਂ ਨੂੰ ਦੋ ਵਰਕ ਆਰਡਰ ਦਿੱਤੇ ਗਏ ਸਨ ਤੇ ਅਦਾਇਗੀਆਂ ਵੀ ਜਾਰੀ ਕੀਤੀਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਮੁੱਢਲੀ ਰਿਪੋਰਟ ਦੇ ਆਧਾਰ ’ਤੇ ਪੀਐਸਪੀਸੀਐਲ ਨੇ ਇਸ ਮਾਮਲੇ ’ਚ ਸ਼ਾਮਲ ਪਾਏ ਗਏ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਮਾਮਲੇ ’ਚ ਹੋਰ ਵਿਸਥਾਰਤ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਹ ਜਾਂਚ ਮੁੱਖ ਇੰਜੀਨੀਅਰ/ਇਨਫੋਰਸਮੈਂਟ ਤੇ ਪੀਐੱਸਪੀਸੀਐੱਲ ਦੇ ਮੁੱਖ ਵਿੱਤ ਅਫ਼ਸਰ ਦੀ ਉੱਚ-ਪੱਧਰੀ ਕਮੇਟੀ ਵੱਲੋਂ ਕਰਵਾਈ ਜਾਵੇਗੀ।

Related Articles

Leave a Comment