ਪੰਜਾਬ ਪੁਲਿਸ ਦੀ ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ’ਚ ਵੱਡੀ ਕਾਰਵਾਈ, ਇਸ ਅਧਿਕਾਰੀ ਨੂੰ ਲਿਆ ਹਿਰਾਸਤ ’ਚ
ਜਲੰਧਰ, 2 ਅਕਤੂਸਰ : ਮਾਨਸਾ ਪੁਲਿਸ ਦੀ ਹਿਰਾਸਤ ’ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਮਾਮਲੇ ’ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਆਰੋਪੀ ਪੁਲਿਸ ਮੁਲਾਜਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੀ.ਆਈ.ਏ. ਇੰਚਾਰਜ ਨੂੰ ਬਰਖਾਸਤ ਕਰਨ ਤੋਂ ਬਾਅਦ ਹਿਰਾਸਤ ’ਚ ਲੈ ਲਿਆ ਗਿਆ ਹੈ।
ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਰਾਹੀਂ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਡਿਊਟੀ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਰਣਨਯੋਗ ਹੈ ਕਿ ਪ੍ਰਸਿੱਧ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ’ਚ ਗਿ੍ਰਫਤਾਰ ਲਾਰੈਂਸ ਬਿਸਨੋਈ ਗੈਂਗ ਦਾ ਸ਼ਾਰਪ ਸੂਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਕਸਟਡੀ ’ਚੋਂ ਫਰਾਰ ਹੋ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਪੁਲਿਸ ’ਚ ਹੜਕੰਪ ਮਚ ਗਿਆ ਅਤੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਉੱਥੇ ਹੀ, ਲਾਰੈਂਸ ਬਿਸਨੋਈ ਗਰੁੱਪ ਨੇ ਇੰਟਰਨੈਟ ਮੀਡੀਆ ’ਤੇ ਪੋਸਟ ਪਾ ਕੇ ਪੁਲਿਸ ਨੂੰ ਧਮਕੀ ਦਿੱਤੀ ਹੈ। ਜਾਣਕਾਰੀ ਅਨੁਸਾਰ ਮਾਨਸਾ ਸੀਆਈਏ ਸਟਾਫ ਦੀ ਟੀਮ ਉਸ ਨੂੰ ਕਪੂਰਥਲਾ ਜੇਲ੍ਹ ਤੋਂ ਰਿਮਾਂਡ ’ਤੇ ਲਿਆ ਰਹੀ ਸੀ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਉਹ ਪੁਲਿਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।