ਮੁਲਾਇਮ ਸਿੰਘ ਯਾਦਵ ਦੀ ਹਾਲਤ ਬਣੀ ਨਾਜੁਕ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਣਿਆ ਹਾਲ
ਗੁਰੂਗ੍ਰਾਮ, 3 ਅਕਤੂਬਰ : ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ, ਜਿਨ੍ਹਾਂ ਨੂੰ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਦੀ ਹਾਲਤ ਨਾਜੁਕ ਬਣੀ ਹੋਈ ਹੈ। ਫਿਲਹਾਲ ਉਹ ਵੈਂਟੀਲੇਟਰ ਸਪੋਰਟ ’ਤੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ ਯਾਦਵ ਨਾਲ ਫੋਨ ’ਤੇ ਗੱਲ ਕੀਤੀ ਅਤੇ ਮੁਲਾਇਮ ਸਿੰਘ ਯਾਦਵ ਦਾ ਹਾਲ-ਚਾਲ ਪੁੱਛਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੋ ਵੀ ਮਦਦ ਦੀ ਲੋੜ ਹੈ, ਮੈਂ ਹਾਜਰ ਹਾਂ।
ਐਤਵਾਰ ਤੋਂ ਮੁਲਾਇਮ ਸਿੰਘ ਯਾਦਵ ਦਾ ਮੇਦਾਂਤਾ ਹਸਪਤਾਲ ਦੇ ਆਈਸੀਯੂ ’ਚ ਇਲਾਜ ਚੱਲ ਰਿਹਾ ਹੈ, ਜਿੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ’ਤੇ ਲਗਾਤਾਰ ਨਜਰ ਰੱਖ ਰਹੀ ਹੈ। ਰਾਤ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਦਾ ਡਾਇਲਸਿਸ ਵੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੂਰੇ ਸਰੀਰ ’ਚ ਇਨਫੈਕਸਨ ਫੈਲਣ ਕਾਰਨ ਡਾਇਲਸਿਸ ਕੀਤਾ ਗਿਆ ਸੀ।