Home » ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ ਦੋ ਘੰਟੇ ਹੀ ਚਲਾਏ ਜਾ ਸਕਣਗੇ ਪਟਾਕੇ, ਪੜੋ ਪੂਰੀ ਖ਼ਬਰ

ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ ਦੋ ਘੰਟੇ ਹੀ ਚਲਾਏ ਜਾ ਸਕਣਗੇ ਪਟਾਕੇ, ਪੜੋ ਪੂਰੀ ਖ਼ਬਰ

by Rakha Prabh
81 views

ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ ਦੋ ਘੰਟੇ ਹੀ ਚਲਾਏ ਜਾ ਸਕਣਗੇ ਪਟਾਕੇ, ਪੜੋ ਪੂਰੀ ਖ਼ਬਰ
ਐਸਏਐਸ ਨਗਰ, 13 ਅਕਤੂਬਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਵੱਲੋਂ ਗਠਿਤ ਕੀਤੀ ਗਈ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ’ਚ ਵੀਡੀਓਗ੍ਰਾਫੀ ਰਾਹੀਂ ਡਰਾਅ ਕੱਢਿਆ ਗਿਆ।

ਪਾਰਦਰਸ਼ੀ ਤੇ ਨਿਰਪੱਖ ਪਹੁੰਚ ਅਪਣਾਉਂਦਿਆਂ ਡਰਾਅ ਕੱਢਣ ਦੀ ਪ੍ਰਕਿਰਿਆ ਆਮ ਜਨਤਾ ਦੀ ਹਾਜ਼ਰੀ ’ਚ ਨੇਪਰੇ ਚਾੜ੍ਹੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਅਤੇ ਪੰਜਾਬ ਸਰਕਾਰ ਇੰਡਸਟਰੀ ਅਤੇ ਕਮਰਸ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਜਾਰੀ ਹਦਾਇਤਾਂ ਅਨੁਸਾਰ ਸਾਲ 2016 ’ਚ ਜਾਰੀ ਹੋਏ ਲਾਇਸੈਂਸਾਂ ਦੇ ਮੁਕਾਬਲੇ ਸਿਰਫ਼ 20 ਫੀਸਦੀ ਲਾਇਸੈਂਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।

ਡਰਾਅ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਦੇ 44 ਲਾਇਸੈਂਸਾਂ ਲਈ ਕੁੱਲ 1440 ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ’ਚੋਂ 1425 ਠੀਕ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਹਾਲੀ ਅਤੇ ਬਨੂੜ ’ਚ ਪਟਾਕਿਆਂ ਦੀ ਵਿਕਰੀ ਲਈ 18 ਲਾਇਸੈਂਸਾਂ ਵਾਸਤੇ 1086 ਅਰਜ਼ੀਆਂ ਮਿਲੀਆਂ, ਖਰੜ, ਕੁਰਾਲੀ ਅਤੇ ਨਯਾ ਗਾਉਂ ’ਚ ਪਟਾਖਿਆਂ ਦੀ ਵਿਕਰੀ ਲਈ 8 ਲਾਇਸੈਂਸਾਂ ਵਾਸਤੇ 33 ਅਰਜ਼ੀਆਂ ਮਿਲੀਆਂ ਜਦੋਂ ਕਿ ਡੇਰਾਬਸੀ , ਲਾਲੜੂ ਅਤੇ ਜ਼ੀਰਕਪੁਰ ’ਚ ਪਟਾਕਿਆਂ ਦੀ ਵਿਕਰੀ ਲਈ 18 ਲਾਇਸੈਂਸ ਵਾਸਤੇ 321 ਅਰਜ਼ੀਆਂ ਪ੍ਰਾਪਤ ਹੋਈਆਂ ਸਨ।

ਜ਼ਿਲ੍ਹੇ ’ਚ ਪਟਾਕਿਆਂ ਦੀ ਵਿਕਰੀ ਨੂੰ ਸੁਚਾਰੂ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਜ਼ਿਲ੍ਹੇ ’ਚ ਪਟਾਕਿਆਂ ਦੀ ਵਿਕਰੀ ਲਈ ਸਿਰਫ਼ 12 ਥਾਵਾਂ ਨਿਰਧਾਰਤ ਹਨ। ਇਨ੍ਹਾਂ ਥਾਵਾਂ ਤੋਂ ਇਲਾਵਾ ਕਿਤੇ ਵੀ ਹੋਰ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਿਸ਼ਚਿਤ ਸਮੇਂ ’ਤੇ ਮਿਤੀ ਤੋਂ ਪਹਿਲਾਂ ਜਾਂ ਬਾਅਦ ’ਚ ਪਟਾਕੇ ਚਲਾਉਣ ਅਤੇ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਪਟਾਕਿਆਂ ਦੇ ਵਪਾਰੀਆਂ ਨੂੰ ਸਥਾਈ ਲਾਇਸੈਂਸ ਜਾਰੀ ਕਰਨ ਤੋਂ ਰੋਕ ਲਗਾਈ ਹੋਈ ਹੈ। ਇਸ ਤੋਂ ਇਲਾਵਾ ਆਰਜ਼ੀ ਲਾਇਸੈਂਸ ਜਾਰੀ ਕਰਨ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 24 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ ਸ਼ਾਮ 8 ਤੋਂ 10 ਵਜੇ ਤੱਕ ਅਤੇ 8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਤੋਂ 5 ਵਜੇ ਤੱਕ ਅਤੇ ਸ਼ਾਮ ਨੂੰ 09 ਤੋਂ 10ਵਜੇ ਤੱਕ ਨਿਰਧਾਰਤ ਆਵਾਜ ਅੰਦਰ ਹੀ ਫਾਇਰ ਕਰੈਕਰਜ / ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸ ਮਿਤੀ ਅਤੇ ਸਮੇਂ ਤੋਂ ਪਹਿਲਾਂ ਜਾਂ ਬਾਅਦ ’ਚ ਕੋਈ ਵੀ ਵਸਨੀਕ ਫਾਇਰ ਕਰੈਕਰਜ / ਪਟਾਕੇ ਨਹੀਂ ਚਲਾਏਗਾ ਅਤੇ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਸਵੈ ਪਾਲਣਾ ਵੀ ਕਰੇਗਾ।

ਉਨ੍ਹਾਂ ਦੱਸਿਆ ਕਿ ਦੀਵਾਲੀ ਮੌਕੇ ਪਟਾਕੇ ਵੇਚਣ ਲਈ ਮਿਤੀ 22, 23 ਅਤੇ 24 ਅਕਤੂਬਰ ਨੂੰ ਸਵੇਰੇ 10 ਤੋਂ ਸ਼ਾਮ 7.30 ਵਜੇ ਤੱਕ ਅਤੇ ਗੁਰਪੁਰਬ ਮੌਕੇ 8 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 7.30 ਵਜੇ ਤੱਕ ਨਿਰਧਾਰਤ ਸਥਾਨਾਂ ਤੇ ਹੀ ਸਟਾਲ ਲਗਾਉਣ ਦੀ ਆਗਿਆ ਹੋਵੇਗੀ। ਕੋਈ ਵੀ ਵਿਅਕਤੀ ਗੈਰ ਕਾਨੂੰਨੀ ਤਰੀਕੇ ਨਾਲ ਫਾਇਰ ਕਰੈਕਰਜ / ਪਟਾਕਿਆਂ ਦੀ ਸਟੋਰੇਜ਼ ਨਹੀਂ ਕਰੇਗਾ ਅਤੇ ਬਿਨਾਂ ਲਾਇਸੰਸ ਤੋਂ ਵਿਕਰੀ ਨਹੀਂ ਕਰੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ, ਸਹਾਇਕ ਕਮਿਸ਼ਨਰ ਨਗਰ ਨਿਗਮ ਦਮਨਦੀਪ ਕੌਰ, ਐਸ.ਡੀ.ਐਮ.ਮੋਹਾਲੀ ਸਰਬਜੀਤ ਕੌਰ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ, ਜ਼ਿਲ੍ਹਾ ਅਟਾਰਨੀ (ਪ੍ਰਸ਼ਾਸਨ) ਹਰਨਵਜੀਤ ਸਿੰਘ ਰੱਕੜ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Related Articles

Leave a Comment