ਐਸ.ਵਾਈ.ਐਲ. ਦੇ ਮੁੱਦੇ ’ਤੇ ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ ਵਿਚਕਾਰ ਅੱਜ ਹੋਵੇਗੀ ਅਹਿਮ ਮੀਟਿੰਗ
ਚੰਡੀਗੜ੍ਹ, 14 ਅਕਤੂਬਰ : ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਦੇ ਮੁੱਦੇ ’ਤੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀਆਂ ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ ਦਰਮਿਆਨ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਦੋਵੇਂ ਸੂਬਿਆਂ ਦੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਦੋਵਾਂ ਸੂਬਿਆਂ ਦੇ ਅਧਿਕਾਰੀ ਅਤੇ ਰਾਜਸੀ ਆਗੂ ਪਾਣੀ ਦੇ ਮੁੱਦੇ ’ਤੇ ਆਪਣੇ ਆਪਣੇ ਦਾਅਵੇ ਪੇਸ਼ ਕਰਦੇ ਰਹੇ ਹਨ। ਮਾਮਲਾ ਏਨਾ ਪੇਚੀਦਾ ਹੋ ਗਿਆ ਹੈ ਕਿ ਗੱਲ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਤੱਕ ਪੁੱਜ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਵੀਰਵਾਰ ਨੂੰ ਅਧਿਕਾਰੀਆਂ ਨਾਲ ਲੰਬੀ ਮੀਟਿੰਗ ਕੀਤੀ। ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਪਾਣੀ ਦੇ ਮੁੱਦੇ ’ਤੇ ਪੂਰੀ ਤਿਆਰੀ ਕਰ ਰਹੇ ਹਨ। ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਇਕ ਤੁਪਕਾ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦੇਵੇਗੀ। ਉਧਰ ਰਾਜਸੀ ਵਿਰੋਧੀਆਂ ਨੇ ਮੁੱਖ ਮੰਤਰੀ ਨੂੰ ਪਾਣੀ ਦੇ ਮੁੱਦੇ ’ਤੇ ਸਿਆਸੀ ਨੋਕ-ਝੋਕ ਦੇ ਨਾਲ-ਨਾਲ ਸਲਾਹਾਂ ਵੀ ਦਿੱਤੀਆਂ ਹਨ। ਰਾਜਸੀ ਵਿਰੋਧੀਆਂ ਨੇ ਖ਼ਦਸ਼ਾ ਪ੍ਰਗਟ ਕੀਤਾ ਹੈ ਕਿ ਮੁੱਖ ਮੰਤਰੀ ਆਪ ਕਨਵੀਨਰ ਦੇ ਦਬਾਅ ਹੇਠ ਪੰਜਾਬ ਵਿਰੋਧੀ ਫ਼ੈਸਲਾ ਨਾ ਲੈ ਲਵੇ।