ਬੇਸਿੱਟਾ ਰਹੀ ਐਸਵਾਈਐਲ ਨਹਿਰ ’ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ
ਚੰਡੀਗੜ੍ਹ, 14 ਅਕਤੂਬਰ : ਐਸਵਾਈਐਲ ਵਿਵਾਦ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਖਤਮ ਹੋ ਗਈ ਹੈ ਜੋ ਕਿ ਬੇਸਿੱਟਾ ਰਹੀ। ਮੀਟਿੰਗ ’ਚ ਦੋਵਾਂ ਸੂਬਿਆਂ ਦੇ ਅਧਿਕਾਰੀਆਂ ਦੀਆਂ ਟੀਮਾਂ ਵੀ ਮੌਜੂਦ ਸਨ।
ਮੀਟਿੰਗ ਤੋਂ ਬਾਅਦ ਮੁੱਖ ਮੰੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਪੱਸਟ ਕਰ ਦਿੱਤਾ ਹੈ ਕਿ ਜਦੋਂ ਪੰਜਾਬ ਕੋਲ ਦੇਣ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦੀ ਕੀ ਲੋੜ। ਮਾਨ ਨੇ ਕਿਹਾ ਕਿ ਜਦੋਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਸਮਝੌਤਾ ਹੋਇਆ ਸੀ, ਉਸ ਸਮੇਂ ਪੰਜਾਬ ਕੋਲ 18.56 ਐਮਏਐਫ ਪਾਣੀ ਸੀ। ਜੋ ਹੁਣ ਘੱਟ ਕੇ 12.6 ਫੀਸਦੀ ਪਾਣੀ ’ਤੇ ਆ ਗਿਆ ਹੈ। ਇਸ ਲਈ ਜਦੋਂ ਪਾਣੀ ਹੀ ਨਹੀਂ ਤਾਂ ਨਹਿਰ ਬਣਾਉਣ ਦੀ ਕੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੋਲ ਪੰਜਾਬ ਨਾਲੋਂ ਵੱਧ ਪਾਣੀ ਹੈ। ਮਾਨ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਐਸਵਾਈਐਲ ਨਹਿਰ ਦੀ ਉਸਾਰੀ ਦੇ ਮੁੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ। ਇਸ ’ਚ ਪੰਜਾਬ ਆਪਣੇ ਪੁਰਾਣੇ ਸਟੈਂਡ ’ਤੇ ਕਾਇਮ ਰਿਹਾ ਅਤੇ ਕੋਈ ਸਹਿਮਤੀ ਨਹੀਂ ਬਣ ਸਕੀ। ਮਨੋਹਰ ਲਾਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਹਰਿਆਣਾ ਦੇ ਹੱਕ ’ਚ ਫੈਸਲਾ ਦਿੱਤਾ ਹੈ ਪਰ ਪੰਜਾਬ ਦਾ ਅੜੀਅਲ ਸਟੈਂਡ ਨਹੀਂ ਬਦਲਿਆ ਹੈ।