ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਖਾਰਜ, ਪੜੋ ਪੂਰੀ ਖ਼ਬਰ
ਚੰਡੀਗੜ੍ਹ, 15 ਅਕਤੂਬਰ : ਚੰਡੀਗੜ੍ਹ ਯੂਨੀਵਰਸਿਟੀ ਦੇ ਐਮਐਮਐਸ ਲੀਕ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਪਟੀਸਨ ਸ਼ੁੱਕਰਵਾਰ ਨੂੰ ਵਾਪਸ ਲੈ ਲਈ ਗਈ। ਚੀਫ ਜਸਟਿਸ ਰਵੀਸੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੀ ਡਿਵੀਜਨ ਬੈਂਚ ਨੇ ਕਿਹਾ ਕਿ ਐਸਆਈਟੀ ਨੇ ਇਸ ਮਾਮਲੇ ’ਚ ਚਲਾਨ ਦਾਇਰ ਕਰ ਦਿੱਤਾ ਹੈ, ਇਸ ਲਈ ਹੁਣ ਇਸ ਦੀ ਜਾਂਚ ਸੀਬੀਆਈ ਨੂੰ ਦੇਣ ਦੀ ਲੋੜ ਨਹੀਂ ਹੈ।
ਹਾਈ ਕੋਰਟ ਵੱਲੋਂ ਕੀਤੀ ਇਸ ਟਿੱਪਣੀ ਤੋਂ ਬਾਅਦ ਪਟੀਸਨਰ ਨੇ ਇਸ ਮੰਗ ’ਤੇ ਦਾਇਰ ਪਟੀਸਨ ਵਾਪਸ ਲੈ ਲਈ ਸੀ, ਜਿਸ ਕਾਰਨ ਹਾਈ ਕੋਰਟ ਨੇ ਪਟੀਸਨ ਖਾਰਜ ਕਰ ਦਿੱਤੀ ਹੈ। ਇਸ ਮੰਗ ਨੂੰ ਲੈ ਕੇ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਹਾਈ ਕੋਰਟ ’ਚ ਪਟੀਸਨ ਦਾਇਰ ਕਰਕੇ ਇਸ ਮਾਮਲੇ ’ਚ ਪੰਜਾਬ ਪੁਲੀਸ ਦੀ ਕਾਰਵਾਈ ਅਤੇ ਜਾਂਚ ’ਤੇ ਅਸੰਤੁਸਟੀ ਜਾਹਰ ਕਰਦਿਆਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।
ਪਟੀਸਨ ’ਚ ਕਿਹਾ ਗਿਆ ਸੀ ਕਿ ਯੂਨੀਵਰਸਿਟੀ ਪ੍ਰਸਾਸਨ ਅਤੇ ਪੰਜਾਬ ਸਰਕਾਰ ਇਸ ਮਾਮਲੇ ’ਚ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ’ਚ ਨਾਕਾਮ ਰਹੀ ਹੈ ਅਤੇ ਇਸ ਕਾਰਨ ਵਿਦਿਆਰਥਣਾਂ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਸੱਚ ਸਾਹਮਣੇ ਲਿਆਉਣ ਲਈ ਇਸ ਮਾਮਲੇ ’ਚ ਸੀਬੀਆਈ ਜਾਂਚ ਜਰੂਰੀ ਹੈ।
ਪਟੀਸ਼ਨਰ ਨੇ ਕਿਹਾ ਕਿ ਜਿਸ ਤਰ੍ਹਾਂ ਦੀ ਕਾਰਵਾਈ ਅਤੇ ਜਾਂਚ ਕੀਤੀ ਜਾ ਰਹੀ ਹੈ, ਉਹ ਤਸੱਲੀਬਖਸ ਨਹੀਂ ਹੈ, ਅਜਿਹੇ ’ਚ ਹੁਣ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣੀ ਜਰੂਰੀ ਹੈ ਤਾਂ ਜੋ ਇਸ ਪਿੱਛੇ ਦੀ ਸਾਰੀ ਸੱਚਾਈ ਸਾਹਮਣੇ ਆ ਸਕੇ।