ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਈ ਕੋਰਟ ’ਚ ਦਾਇਰ ਕੀਤੀ ਇਕ ਹੋਰ ਪਟੀਸ਼ਨ
ਚੰਡੀਗੜ੍ਹ, 16 ਅਕਤੂਬਰ : ਅਨਾਜ ਢੋਆ ਢੁਆਈ ਦੇ ਟੈਂਡਰ ਅਲਾਟਮੈਂਟ ਘਪਲੇ ’ਚ ਫਸੇ ਸੂਬੇ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਈ ਕੋਰਟ ’ਚ ਇਕ ਹੋਰ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਰਾਹੀਂ ਆਸ਼ੂ ਵਿਜੀਲੈਂਸ ਵੱਲੋਂ 22 ਸਤੰਬਰ ਨੂੰ ਉਨ੍ਹਾਂ ਖਿਲਾਫ਼ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਆਸ਼ੂ ਦੀ ਇਸ ਪਟੀਸ਼ਨ ’ਤੇ ਹਾਈ ਕੋਰਟ ਸੋਮਵਾਰ ਨੂੰ ਸੁਣਵਾਈ ਕਰ ਸਕਦੀ ਹੈ।
ਆਸ਼ੂ ਨੇ ਪਟੀਸ਼ਨ ’ਚ ਕਿਹਾ ਹੈ ਕਿ ਇਸੇ ਮਾਮਲੇ ’ਚ ਉਨ੍ਹਾਂ ਖਿਲਾਫ਼ ਪਹਿਲਾਂ ਤੋਂ ਐਫਆਈਆਰ ਦਰਜ ਹੈ। ਹੁਣ 22 ਸਤੰਬਰ ਨੂੰ ਇਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ ਜੋ ਸਿੱਧੇ ਤੌਰ ’ਤੇ ਕਾਨੂੰਨੀ ਪ੍ਰਕਿਰਿਆ ਦੇ ਵਿਰੁੱਧ ਹੈ। ਅਜਿਹੇ ’ਚ ਇਸ ਨੂੰ ਰੱਦ ਕੀਤਾ ਜਾਵੇ। ਜਦੋਂ ਤੱਕ ਉਨ੍ਹਾਂ ਦੀ ਪਟੀਸ਼ਨ ਹਾਈ ਕੋਰਟ ’ਚ ਵਿਚਾਰ ਅਧੀਨ ਹੈ, ਉਦੋਂ ਤੱਕ ਨਵੀਂ ਐਫਆਈਆਰ ’ਤੇ ਅੱਗੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ’ਤੇ ਰੋਕ ਲਗਾਈ ਜਾਵੇ।
ਵਰਣਨਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਵਿਰੁੱਧ 16 ਅਗਸਤ ਨੂੰ ਐਫਆਈਆਰ ਦਰਜ ਕੀਤੀ ਸੀ। ਇਸ ਮਾਮਲੇ ’ਚ ਆਸ਼ੂ ਨੇ ਰੈਗੂਲਰ ਜ਼ਮਾਨਤ ਲੈਣ ਲਈ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ’ਤੇ ਹਾਈ ਕੋਰਟ ਨੇ 27 ਸਤੰਬਰ ਨੂੁੰ ਸਾਰੀਆਂ ਧਿਰਾਂ ਨੂੰ ਸੁਣਨ ਮਗਰੋਂ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।