Sudhir Suri Murder Case : ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਸਿੰਘਾਂ ਵਾਲਾ ਵਿਖੇ ਗੁਰਦੁਆਰਾ ਭਾਈ ਸੇਵ ਨੇੜਲੇ ਇਕ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਘਰ ਦੇ ਬਾਹਰ ਭਾਰੀ ਪੁਲਿਸ ਫ਼ੋਰਸ ਤਾਇਨਾਤ ਕਰਕੇ ਘਰ ਨੂੰ ਘੇਰਾ ਪਾਇਆ ਗਿਆ ਹੈ। ਸੂਤਰਾਂ ਮੁਤਾਬਿਕ ਜਲੰਧਰ ਸਮਾਗਮ ਦੌਰਾਨ ਹਾਲਾਤ ਨਾ ਵਿਗੜਨ ਦੇ ਚੱਲਦਿਆਂ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ।
‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਬੁਲਾਰੇ ਸੁਖ਼ਰਾਜ ਸਿੰਘ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੂੰ ਕਿਹਾ ਜਾ ਰਿਹਾ ਹੈ ਕਿ ਉਹ ਜਲੰਧਰ ਨਾ ਜਾਵੇ। ਉਹਨਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਜਲੰਧਰ ਵਿੱਚ ਗੁਰਦੁਆਰਾ ਨੌਂਵੀਂ ਪਾਤਸ਼ਾਹੀ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਕੱਢੇ ਜਾ ਰਹੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨੀ ਸੀ।
ਸੁਖ਼ਰਾਜ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਜਲੰਧਰ ਜਾਣ ਤੋਂ ਰੋਕਣਾ ਅਤੇ ਘਰ ਵਿੱਚ ਨਜ਼ਰਬੰਦ ਕਰਨਾ ਗੈਰ ਲੋਕਤੰਤਰਿਕ ਗੱਲ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਨਾਲ ਵੀਡੀਓ ਜਾਂ ਤਸਵੀਰ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਅੰਮ੍ਰਿਤਪਾਲ ਸਿੰਘ ਦੋਸ਼ੀ ਹੋ ਗਿਆ। ਉਨ੍ਹਾਂ ਕਿਹਾ ਕਿ ਸੁਧੀਰ ਸੂਰੀ ਦੇ ਕਤਲ ਮਾਮਲੇ ਵਿੱਚ ਦੋਸ਼ੀ ਗ੍ਰਿਫ਼ਤਾਰ ਹੋ ਚੁੱਕਾ ਹੈ ਅਤੇ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ।
ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਸਮਰਥਕਾਂ ਨੂੰ ਮੋਗਾ ਦੇ ਪਿੰਡ ਸਿੰਘਾਂ ਵਾਲਾ ਪੁੱਜਣ ਅਤੇ ਜਲੰਧਰ ਵਿੱਚ ਧਰਨਾ ਦੇਣ ਦੀ ਅਪੀਲ ਕੀਤੀ ਗਈ ਹੈ। ਓਧਰ ਸ਼ਿਵ ਸੈਨਾ ਆਗੂ ਸੂਧੀਰ ਸੂਰੀ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਵੱਲੋਂ ਸੁਧੀਰ ਸੂਰੀ ਦੇ ਸਸਕਾਰ ਤੋਂ ਉਸਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਦੀ ਮੰਗ ਕੀਤੀ ਗਈ ਸੀ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਪੀੜਤ ਪਰਿਵਾਰ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇ। ਇਸ ਮਾਮਲੇ ’ਚ ਕਾਬੂ ਕੀਤੇ ਗਏ ਸੰਦੀਪ ਸਿੰਘ ਉਰਫ਼ ਸੈਂਡੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਸੰਦੀਪ ਸਿੰਘ ਦੀ ਕਾਰ ’ਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਲੱਗੀ ਹੋਈ ਸੀ। ਉਸਦੀ ਕਾਰ ’ਚੋ ਕਈ ਆਗੂਆਂ ਦੀ ਤਸਵੀਰਾਂ ਵਾਲੀ ਲਿਸਟ ਵੀ ਬਰਾਮਦ ਹੋਈ ਹੈ।