ਪਟਿਆਲਾ (ਬਲਜਿੰਦਰ, ਇੰਦਰਜੀਤ) : ਬੀਤੀ ਰਾਤ ਪਟਿਆਲਾ-ਸੰਗਰੂਰ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਅਰਸ਼ਪ੍ਰੀਤ ਸਿੰਘ ਅਤੇ ਆਯੂਸ਼ ਵਜੋਂ ਹੋਈ ਹੈ ਅਤੇ ਦੋਹੇਂ ਮੈਡੀਕਲ ਕਾਲਜ ਵਿਖੇ ਡਾਕਟਰੀ ਦੀ ਪੜ੍ਹਾਈ ਕਰਦੇ ਸਨ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੱਕ ਅਤੇ ਗੱਡੀ ਵਿਚਾਲੇ ਟੱਕਰ ਹੋਣ ਕਾਰਨ ਵਾਪਰਿਆ। ਟਰੱਕ ਚਾਲਕ ਨੇ ਖੜ੍ਹੀ ਗੱਡੀ ਨੂੰ ਟੱਕਰ ਮਾਰੀ, ਜਿਸ ਕਾਰਨ ਕਾਰ ਸਵਾਰ 3 ਨੌਜਵਾਨਾਂ ਵਿੱਚੋਂ 2 ਨੇ ਮੌਕੇ ‘ਤੇ ਹੀ ਦਮ ਤੋੜ ਦਿੱਤੀ ਜਦਕਿ ਇਕ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਇਸ ਮੌਕੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਵੱਲੋਂ ਦੋਹਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਅਤੇ ਇਕ ਨੌਜਵਾਨ ਜ਼ੇਰੇ ਇਲਾਜ ਹੈ। ਉਨ੍ਹਾਂ ਕਿਹਾ ਕਿ ਪੁਲਸ ਪਾਰਟੀ ਵੱਲੋਂ ਮਾਮਲਾ ਦਰਜ ਕਰ ਕੇ ਇਸ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।