ਦਲਜੀਤ ਕੌਰ ਸੰਗਰੂਰ, 17 ਫ਼ਰਵਰੀ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਸਮੂਹ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਜਨਤਕ ਸਥਾਨਾਂ, ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ ਅਤੇ ਸਾਈਨ ਬੋਰਡਾਂ ਉਤੇ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਲਿਖਣ ਸਬੰਧੀ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਪੰਜਾਬੀ ਭਾਸ਼ਾ ਨੂੰ ਵਧੇਰੇ ਮਹੱਤਤਾ ਦੇਣ ਲਈ 21 ਫਰਵਰੀ ਤੋਂ ਪਹਿਲਾਂ ਪਹਿਲਾਂ ਇਸ ਸਬੰਧੀ ਢੁਕਵੇਂ ਕਦਮ ਚੁੱਕੇ ਜਾਣ।ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੰਗਰੂਰ ਜ਼ਿਲ੍ਹੇ ਦੀ ਹਦੂਦ ਅੰਦਰ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ’ਚ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ 2008 ਅਤੇ 2021 ’ਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ, ਸਿਹਤ ਸੰਸਥਾਵਾਂ, ਉਦਯੋਗਿਕ ਇਕਾਈਆਂ, ਜਨਤਕ ਸਥਾਨਾਂ, ਬੈਂਕਾਂ, ਦੁਕਾਨਾਂ ਆਦਿ ’ਤੇ ਪੰਜਾਬੀ ਭਾਸ਼ਾ ਵਿੱਚ ਨਾਮ ਲਿਖਣ ਸਬੰਧੀ ਹੁਣ ਤੱਕ ਹੋਈ ਕਾਰਵਾਈ ਬਾਰੇ ਵਿਸਥਾਰ ਵਿੱਚ ਸਮੀਖਿਆ ਕੀਤੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੁੂੰ ਵੀ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਈ.ਓਜ਼ ਤੇ ਪਿੰਡਾਂ ਵਿੱਚ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ 21 ਫਰਵਰੀ ਤੋਂ ਪਹਿਲਾਂ ਪਹਿਲਾਂ ਅਮਲੀ ਜਾਮਾ ਪਹਿਨਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐੱਸ.ਡੀ.ਐੱਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।