ਅੰਮ੍ਰਿਤਸਰ, 17 ਫਰਵਰੀ ( ਰਣਜੀਤ ਸਿੰਘ ਮਸੌਣ/ ਸੁਖਦੇਵ ਮੋਨੂੰ) ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਦਫਤਰ ਮੁੱਖ ਖੇਤੀਬਾੜੀ ਰਣਜੀਤ ਐਵੀਨਿਊ, ਬੀ:ਡੀ:ਪੀ:ਓ ਵੇਰਕਾ, ਬੀ:ਡੀ:ਪੀ:ਓ ਚੋਗਾਵਾਂ ਅਤੇ ਭਲਾ ਪਿੰਡ ਖੰਡ ਮਿਲ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਡਿਊਟੀ ਤੇ ਗੈਰ ਹਾਜ਼ਰ ਕਰਮਚਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਡਿਊਟੀ ਤੇ ਹਾਜ਼ਰ ਰਹਿਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਅਮਲ ਲਿਆਂਦੀ ਜਾਵੇਗੀ।
ਮੰਤਰੀ ਧਾਲੀਵਾਲ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਹਾਜਰੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਦੂਰ ਦੁਰਾਡੇ ਤੋਂ ਲੋਕ ਆਪਣਾ ਕੰਮ ਕਰਵਾਉਣ ਲਈ ਪਹੁੰਚ ਕਰਦੇ ਹਨ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਗੈਰਹਾਜਰੀ ਦੀ ਸੂਰਤ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਸਰਕਾਰ ਦੇ ਅਕਸ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਪਾਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਭ੍ਰਿਸ਼ਟਾਚਾਰ ’ਤੇ ਜੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਆਮ ਵਿਅਕਤੀ ਨੂੰ ਸਰਕਾਰੀ ਦਫਤਰਾਂ ਵਿੱਚ ਕੰਮ ਕਰਵਾਉਣ ਲਈ ਕੋਈ ਮੁਸ਼ਕਲ ਪੇਸ਼ ਨਹੀਂ ਆ ਰਹੀਂ ਅਤੇ ਸਮਾਂਬੱਧ ਤਰੀਕੇ ਨਾਲ ਲੋਕਾਂ ਦੇ ਕੰਮ ਹੋ ਰਹੇ ਹਨ ਅਤੇ ਲੋਕਾਂ ਨੂੰ ਜਿਸ ਤਰ੍ਹਾਂ ਸਰਕਾਰ ਪ੍ਰਤੀ ਸੋਚ ਰੱਖੀ ਉਹ ਖਰੀ ਸਾਬਤ ਹੋਈ ਹੈ।
ਮੰਤਰੀ ਧਾਲੀਵਾਲ ਨੇ ਦੱਸਿਆਂ ਕਿ ਸਰਕਾਰੀ ਦਫਤਰਾਂ ਵਿੱਚ ਸਾਡੀ ਸਰਕਾਰ ਵੱਲੋਂ ਤੇਜੀ ਨਾਲ ਭਰਤੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 26000 ਦੇ ਕਰੀਬ ਨੌਜ਼ਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਸਰਕਾਰੀ ਕਰਮਚਾਰੀਆਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਕਰਮਚਾਰੀਆਂ ਦਾ ਵੀ ਫਰਜ ਬਣਦਾ ਹੈ ਕਿ ਅਨੁਸਾਸ਼ਨ ਵਿੱਚ ਰਹਿ ਕੇ ਆਪਣੀ ਡਿਊਟੀ ਕਰਨ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇਣ। ਧਾਲੀਵਾਲ ਵੱਲੋਂ ਸਰਕਾਰੀ ਕਰਮਚਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਦਾ ਭਰੋਸਾ ਵੀ ਦਿੱਤਾ।