ਤਰਨਤਾਰਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ’ਚ ਜੇਲ੍ਹ ’ਚ ਬੰਦ ਦੋ ਦੋਸ਼ੀਆਂ ਦੀ ਮੌਤੇ ਹੋ ਗਈ। ਇਹ ਦੋਵੇਂ ਦੋਸ਼ੀ ਜੇਲ੍ਹ ਵਿੱਚ ਹੋਈ ਗੈਂਗਵਾਰ ਦੌਰਾਨ ਮਾਰੇ ਗਏ। ਜਾਣਕਾਰੀ ਅਨੁਸਾਰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਜੇਲ੍ਹ ਵਿੱਚ ਐਤਵਾਰ ਨੂੰ ਬਦਮਾਸ਼ਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਹਿੰਸਕ ਝੜਪ ਹੋ ਗਈ। ਇਸ ਦੌਰਾਨ ਬਦਮਾਸ਼ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਮੋਹਣਾ ਮਾਰੇ ਗਏ। ਇਕ ਹੋਰ ਬਦਮਾਸ਼ ਕੇਸ਼ਵ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਤਿੰਨਾਂ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ।
ਤਰਨਤਾਰਨ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਐਤਵਾਰ ਦੁਪਹਿਰ ਨੂੰ ਜੇਲ੍ਹ ਵਿੱਚੋਂ ਗੰਭੀਰ ਹਾਲਤ ’ਚ ਲਿਆਂਦੇ ਗਏ ਤਿੰਨ ਜ਼ਖ਼ਮੀਆਂ ਵਿੱਚੋਂ ਦੋ ਦੀ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ ਜਦੋਂਕਿ ਤੀਜੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਮੇਂ ਗੈਂਗਸਟਰ ਮਨਦੀਪ ਤੂਫਾਨ ਸਟੈਂਡਬਾਏ ਸ਼ੂਟਰ ਵਜੋਂ ਮੌਜੂਦ ਸੀ। ਉਹ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਸੀ।