ਚੰਡੀਗੜ, 6 ਅਪਰੈਲ (ਪ. ਪ.)-ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦਫਤਰ ਨੂੰ ਸੂਚਿਤ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨਾਂ ਖਪਤਕਾਰਾਂ ਨੂੰ ਇਹ ਵੀ ਦੱਸਿਆ ਕਿ ਉਹ ਬਿਜਲੀ ਸਬੰਧੀ ਆਪਣੀਆਂ ਸ਼ਿਕਾਇਤਾਂ 96461-06835 ਅਤੇ 96461-06836 ‘ਤੇ 24 ਘੰਟੇ ਕਾਰਜਸੀਲ ਹੈਲਪਲਾਈਨ ਨੰਬਰਾਂ ‘ਤੇ ਦਰਜ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਖਪਤਕਾਰ ਵਟਸਐਪ ਨੰਬਰ 96461-06835 ‘ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇਕ ਮਰਲੇ ਰਕਬੇ ਦੀ ਕਣਕ ਦੀ ਕਟਾਈ ਪਹਿਲਾਂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ। ਉਨਾਂ ਕਿਹਾ ਕਿ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਦਸ ਮੀਟਰ ਦਾ ਘੇਰਾ ਗਿੱਲਾ ਰੱਖਿਆ ਜਾਵੇ ਤਾਂ ਜੋ ਜੇਕਰ ਕੋਈ ਸਪਾਰਕਿੰਗ ਵਰਗੀ ਘਟਨਾ ਵਾਪਰਦੀ ਹੈ ਤਾਂ ਇਸ ਘਟਨਾ ਨੂੰ ਆਸਾਨੀ ਨਾਲ ਅਤੇ ਖ਼ੁਦ-ਬ-ਖੁਦ ਰੋਕਿਆ ਜਾ ਸਕੇ।