ਨਵੀਂ ਦਿੱਲੀ, 9 ਮਈ
ਦਿੱਲੀ ਯੂਨੀਵਰਸਿਟੀ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਭਵਿੱਖ ਵਿੱਚ ਕੈਂਪਸ ਦੇ ਅਣਅਧਿਕਾਰਤ ਦੌਰੇ ਤੋਂ ਸਾਵਧਾਨ ਕਰਨ ਲਈ ਨੋਟਿਸ ਜਾਰੀ ਕਰੇਗੀ। ਯੂਨੀਵਰਸਿਟੀ ਦੇ ਰਜਿਸਟਰਾਰ ਵਿਕਾਸ ਗੁਪਤਾ ਨੇ ਦੱਸਿਆ ਕਿ ਨੋਟਿਸ ਮੰਗਲਵਾਰ ਜਾਂ ਬੁੱਧਵਾਰ ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਦੱਸਿਆ ਜਾਵੇਗਾ ਕਿ ਉਸ ਦੀ ਅਣਅਧਿਕਾਰਤ ਫੇਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਂਦੀ ਹੈ ਤੇ ਦੌਰੇ ਲਈ ਪ੍ਰੋਟੋਕੋਲ ਦੀ ਪਾਲਣਾ ਲਾਜ਼ਮੀ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਬੀਤੇ ਸ਼ੁੱਕਰਵਾਰ ਨੂੰ ਯੂਨੀਵਰਸਿਟੀ ਦੇ ਪੋਸਟ-ਗ੍ਰੈਜੂਏਟ ਹੋਸਟਲ ਦਾ ਦੌਰਾ ਕੀਤਾ ਸੀ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਸੀ ਅਤੇ ਉਨ੍ਹਾਂ ਨਾਲ ਦੁਪਹਿਰ ਦਾ ਖਾਣਾ ਵੀ ਖਾਧਾ ਸੀ। ਰਜਿਸਟਰਾਰ ਅਨੁਸਾਰ ਰਾਹੁਲ ਗਾਂਧੀ ਨੂੰ ਨੋਟਿਸ ਰਾਹੀਂ ਦੱਸਿਆ ਜਾਵੇਗਾ ਕਿ ਉਹ ਅਜਿਹੀ ਕਾਰਵਾਈ ਨਾ ਦੁਹਰਾਉਣ ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਨਾ ਪਾਉਣ।
ਇਸੇ ਦੌਰਾਨ ਕਾਂਗਰਸ ਦੇ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐੱਨਐੱਸਯੂਆਈ) ਨੇ ਦੋਸ਼ ਲਾਇਆ ਹੈ ਕਿ ਪ੍ਰਸ਼ਾਸਨ ’ਤੇ ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਲਈ ਦਬਾਅ ਪਾਇਆ ਗਿਆ ਹੈ। ਰਜਿਸਟਰਾਰ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਇਸ ਤਰ੍ਹਾਂ ਦਾ ਕੋਈ ਦਬਾਅ ਨਹੀਂ ਹੈ। ਇਹ ਅਨੁਸ਼ਾਸਨ ਦਾ ਮਾਮਲਾ ਹੈ। ਰਾਹੁਲ ਗਾਂਧੀ ਦੇ ਦੌਰੇ ਤੋਂ ਇਕ ਦਿਨ ਬਾਅਦ ਦਿੱਲੀ ਯੂਨੀਵਰਸਿਟੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਰਾਹੁਲ ਦੇ ਅਚਾਨਕ ਤੇ ਅਣਅਧਿਕਾਰਤ ਦੌਰੇ ਨੇ ਹੋਸਟਲ ਦੇ ਵਿਦਿਆਰਥੀਆਂ ਅਤੇ ਖੁਦ ਰਾਹੁਲ ਦੀ ਸੁਰੱਖਿਆ ਲਈ ਗੰਭੀਰ ਚੁਣੌਤੀਆਂ ਪੈਦਾ ਕੀਤੀਆਂ ਸਨ। ਬਿਆਨ ਵਿੱਚ ਕਿਹਾ ਗਿਆ ਸੀ ਕਿ ਯੂਨੀਵਰਸਿਟੀ ਅਧਿਕਾਰੀ ਅਜਿਹੀਆਂ ਘਟਨਾਵਾਂ ਰੋਕਣ ਲਈ ਜ਼ਰੂਰੀ ਕਦਮ ਚੁੱਕਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਭਵਿੱਖ ਵਿੱਚ ਅਜਿਹਾ ਦੁਬਾਰਾ ਨਾ ਹੋਵੇ।