ਯਮੁਨਾਨਗਰ, 18 ਮਈ
ਜਗਾਧਰੀ ‘ਚ ਹਰਿਆਣਾ ਭਾਜਪਾ ਦੇ ਪ੍ਰਧਾਨ ਓਮ ਪ੍ਰਕਾਸ਼ ਧਨਖੜ ਵੱਲੋਂ ਪਾਰਟੀ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਸੱਦੀ ਗਈ, ਜਿਸ ਵਿੱਚ ਮੋਦੀ ਸਰਕਾਰ ਦੇ ਨੌਂ ਸਾਲ ਪੂਰੇ ਹੋਣ ’ਤੇ ਇਕ ਮਹੀਨੇ ਦੇ ਪ੍ਰੋਗਰਾਮਾਂ ਦੀ ਵਿਉਂਤਬੰਦੀ ਕੀਤੀ। ਇਸ ਮੌਕੇ ਪਾਰਟੀ ਦੇ ਸੂਬਾ ਇੰਚਾਰਜ ਬਿਪਲਬ ਦੇਵ, ਮੁੱਖ ਮੰਤਰੀ ਮਨੋਹਰ ਲਾਲ, ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਤੇ ਕੇਂਦਰੀ ਸੰਸਦੀ ਬੋਰਡ ਦੀ ਮੈਂਬਰ ਸੁਧਾ ਯਾਦਵ ਆਦਿ ਹਾਜ਼ਰ ਸਨ। ਜਿਨ੍ਹਾਂ ਨੇ ਪ੍ਰੋਗਰਾਮਾਂ ਦੀ ਤਰੀਕਾਂ ਅਤੇ ਮੁਹਿੰਮ ਦਾ ਵੇਰਵਾ ਸਭ ਦੇ ਸਾਹਮਣੇ ਰੱਖਿਆ। ਸਮਾਗਮਾਂ ਦਾ ਰੋਡਮੈਪ ਤਿਆਰ ਕਰਨ ਉਪਰੰਤ ਓਮ ਪ੍ਰਕਾਸ਼ ਧਨਖੜ ਨੇ ਸਮੂਹ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਕਾਰਜਾਂ ਦੀ ਵੰਡ ਕੀਤੀ। ਇਸ ਮੀਟਿੰਗ ਵਿੱਚ ਹਾਜ਼ਰ ਲਗਪਗ ਹਰ ਅਹੁਦੇਦਾਰ ਤੋਂ ਪ੍ਰੋਗਰਾਮਾਂ ਬਾਰੇ ਸੁਝਾਅ ਲਿਆ ਗਿਆ। ਮੀਟਿੰਗ ਦੀ ਸ਼ੁਰੂਆਤ ਵਿੱਚ ਓਮ ਪ੍ਰਕਾਸ਼ ਧਨਖੜ ਨੇ ਕਿਹਾ ਕਿ ਇਹ ਸਮਾਂ ਦੇਸ਼ ਲਈ ਸੁਨਹਿਰੀ ਦੌਰ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਨਰਿੰਦਰ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਕਾਰਜਕਾਰਨੀ ਦੀ ਬੈਠਕ ‘ਚ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਰਾਜ ਸਰਕਾਰ ਦੀਆਂ ਯੋਜਨਾਵਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਸੂਬੇ ‘ਚ ਮਜ਼ਬੂਤੀ ਨਾਲ ਲਾਗੂ ਕਰ ਰਹੀ ਹੈ। ਡਾ. ਸੁਧਾ ਯਾਦਵ ਨੇ ਔਰਤਾਂ ਦੇ ਵਿਕਾਸ ਦੇ ਸਬੰਧ ਵਿੱਚ ਮੋਦੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਕੇਂਦਰੀ ਮੰਤਰੀ ਕ੍ਰਿਸ਼ਨਪਾਲ ਗੁੱਜਰ ਨੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਸਿਹਤ ਮੰਤਰੀ ਅਨਿਲ ਵਿੱਜ, ਸਕੂਲ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ, ਸੰਸਦ ਮੈਂਬਰ ਨਾਇਬ ਸੈਣੀ ਤੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਆਦਿ ਹਾਜ਼ਰ ਸਨ।