ਕੈਬਨਿਟ ਮੰਤਰੀ ਨਿੱਝਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ
70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਸੜਕ
ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮਾਂ ਦਾ ਲਿਆ ਜਾਇਜਾ
ਅੰਮ੍ਰਿਤਸਰ, 27 ਮਈ:(ਗੁਰਮੀਤ ਸਿੰਘ ਰਾਜਾ )
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਸਹੂਲਤ ਲਈ ਆਮ ਆਦਮੀ ਕਲੀਨਿਕ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਤਬਦੀਲੀ ਅਤੇ ਰੁਜਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੀ ਹੈ ਤੇ ਹੁਣ ਤੱਕ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ 27000 ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਾ: ਇੰਦਰਬੀਰ ਸਿੰਘ ਨਿੱਝਰ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਭਗਤਾਂਵਾਲਾ ਤੋਂ ਪਿੰਡ ਮੂਲੇਚੱਕ ਤੱਕ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕਰਨ ਪਿਛੋਂ ਕੀਤਾ। ਡਾ: ਨਿੱਝਰ ਨੇ ਦੱਸਿਆ ਕਿ ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਖਰਾਬ ਸੀ ਅਤੇ ਇਲਾਵਾ ਵਾਸੀਆਂ ਨੂੰ ਖਾਸ ਕਰਕੇ ਬਾਰਸ਼ ਦਿਨਾਂ ਦੌਰਾਨ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣ ਜਾਣ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਇਸ ਸੜਕ ਤੋਂ ਦੁਖੀ ਸੀ। ਹੁਣ ਇਸ ਸੜਕ ਦੇ ਬਣ ਜਾਣ ਨਾਲ ਕਾਫੀ ਰਾਹਤ ਮਿਲੇਗੀ।
ਇਸ ਉਪਰੰਤ ਡਾ: ਨਿੱਝਰ ਵੱਲੋਂ ਸਕੱਤਰੀ ਬਾਗ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਿਥੇ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕੀਤੇ ਜਾਣ ਅਤੇ ਵਿਕਾਸ ਕਾਰਜਾਂ ਦੌਰਾਨ ਸੜਕਾਂ ਦੇ ਆਲੇ ਦੁਆਲੇ ਕੋਈ ਮਲਬਾ ਜਾਂ ਮਿੱਟੀ ਨਾ ਰੱਖੀ ਜਾਵੇ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ। ਡਾ: ਨਿੱਝਰ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਤੇ ਲੱਗਣ ਵਾਲਾ ਪੈਸਾ ਆਮ ਲੋਕਾਂ ਦਾ ਪੈਸਾ ਹੈ ਅਤੇ ਇਸ ਦੀ ਵਰਤੋਂ ਠੀਕ ਤਰ੍ਹਾਂ ਕੀਤੀ ਜਾਵੇ।
ਇਸ ਮੌਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਓ:ਐਸ:ਡੀ ਸ੍ਰ ਮਨਪ੍ਰੀਤ ਸਿੰਘ, ਐਸ:ਡੀ:ਓ ਸ੍ਰ ਸੰਦੀਪ ਸਿੰਘ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਵੀ ਹਾਜਰ ਸਨ।
—-
ਕੈਪਸ਼ਨ
ਡਾ: ਇੰਦਰਬੀਰ ਸਿੰਘ ਨਿੱਝਰ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸਕੱਤਰੀ ਬਾਗ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਲੈਂਦੇ ਹੋਏ।