ਸਿਰਸਾ, 29 ਮਈ
ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਕਿਸਾਨਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਆਪਣਾ ਮੰਗ ਪੱਤਰ ਸੌਂਪਿਆ। ਮਿੰਨੀ ਸਕੱਤਰੇਤ ਦੇ ਬਾਹਰ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਕਿਸਾਨ ਆਗੂ ਜਸਵੀਰ ਸਿੰਘ ਭਾਟੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪਿਛਲੇ ਪੰਦਰਾਂ ਸਾਲਾਂ ਤੋਂ ਕੋ-ਆਪਰੇਟਿਵ ਸੁਸਾਇਟੀ ਦੇ ਮੁਆਫ਼ ਵਿਆਜ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ’ਤੇ ਹੋਰ ਆਰਥਿਕ ਮਾਰ ਪਵੇਗੀ। ਉਨ੍ਹਾਂ ਨੇ ਸੁਸਾਇਟੀ ਦੇ ਕਰਜ਼ੇ ’ਤੇ ਵਿਆਜ ਲਾਏ ਜਾਣ ਦੇ ਹੁਕਮਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਮੀਂਹ, ਗੜਿਆਂ ਤੇ ਗੁਲਾਬੀ ਸੁੰਡੀ, ਝੁਲਸ ਰੋਗ ਨਾਲ ਪਿਛਲੇ ਸਾਲਾਂ ’ਚ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਦਾ ਬਕਾਇਆ ਖੜ੍ਹਾ ਮੁਆਵਜ਼ਾ ਤੁਰੰਤ ਦਿੱਤੇ ਜਾਣ ਦੀ ਮੰਗ ਕੀਤੀ। ਕਿਸਾਨਾਂ ਨੇ ਆਪਣੇ ਮੰਗ ਪੱਤਰ ਵਿੱਚ ਕਿਹਾ ਹੈ ਕਿ ਕਿਸਾਨਾਂ ਨੂੰ ਮਹੀਨੇ ’ਚੋਂ ਤਿੰਨ ਹਫ਼ਤੇ ਨਹਿਰੀ ਪਾਣੀ ਟੇਲਾਂ ਤੱਕ ਮੁਹੱਈਆ ਕਰਵਾਇਆ ਜਾਏ। ਜਿਹੜੇ ਕਿਸਾਨਾਂ ਨੇ ਬਿਜਲੀ ਦੇ ਕੁਨੈਕਸ਼ਨ ਲਈ ਅਪਲਾਈ ਕੀਤਾ ਹੋਇਆ ਹੈ, ਉਨ੍ਹਾਂ ਨੂੰ ਬਿਜਲੀ ਦੇ ਕੁਨੈਕਸ਼ਨ ਦਿੱਤੇ ਜਾਣ। ਜਿਹੜੇ ਕਿਸਾਨਾਂ ਨੇ ਸੂਰਜੀ ਉਰਜਾ ਲੁਆਉਣ ਲਈ ਪੈਸੇ ਜਮ੍ਹਾ ਕਰਵਾਏ ਹੋਏ ਹਨ, ਉਨ੍ਹਾਂ ਨੂੰ ਤੁਰੰਤ ਸੂਰਜੀ ਉਰਜਾ ਪਲਾਂਟ ਲਾ ਕੇ ਦਿੱਤੇ ਜਾਣ। ਇਸ ਮੌਕੇ ’ਤੇ ਕਈ ਪਿੰਡਾਂ ਦੇ ਕਿਸਾਨ ਮੌਜੂਦ ਸਨ।