ਮਾਨਸਾ, 01 ਜੂਨ(2o/P e[wko fo੍ਰgh)ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ ਨੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਸਥਾਨਕ ਬੱਚਤ ਭਵਨ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਸਾਰੇ ਅਧਿਕਾਰੀ ਆਪਸ ਵਿੱਚ ਤਾਲਮੇਲ ਰੱਖ ਸਕਣ ਅਤੇ ਸੰਭਾਵੀ ਭਾਰੀ ਬਾਰਿਸ਼ਾਂ ਜਾਂ ਹੜ੍ਹਾਂ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਬਚਾਅ ਕਾਰਜਾਂ ਲਈ ਲੋੜੀਂਦਾ ਜਰੂਰੀ ਸਾਮਾਨ ਤਿਆਰ ਰੱਖਿਆ ਜਾਵੇ ਅਤੇ ਸਬੰਧਤ ਅਮਲੇ ਦੀਆਂ ਡਿਊਟੀਆਂ ਸਬੰਧੀ ਵੇਰਵੇ ਤਿਆਰ ਰੱਖੇ ਜਾਣ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਅੰਦਰ ਪੈਂਦੀਆਂ ਡਰੇਨਾਂ ਦੀ ਸਾਫ ਸਫਾਈ ਸਬੰਧੀ ਜਾਣਕਾਰੀ ਲਈ ਅਤੇ ਡਰੇਨਾਂ ਦੀ ਸਫਾਈ ਦਾ ਕੰਮ ਜਲਦੀ ਮੁਕੰਮਲ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਨੂੰ ਰਾਸ਼ਨ ਸਪਲਾਈ ਦੇ ਪ੍ਰਬੰਧ ਰੱਖਣ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਮੈਡੀਕਲ ਟੀਮਾਂ ਦਾ ਗਠਨ ਕਰਨ, ਸਿਵਲ ਸਰਜਨ ਨੂੰ ਦਵਾਈਆਂ ਦੀ ਉਪਲਬਧਤਾ, ਪੀਣ ਲਈ ਪਾਣੀ ਦਾ ਪ੍ਰਬੰਧ ਆਦਿ ਕਰਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸ਼ਤੀਆਂ, ਚੱਪੂ, ਜਰਨੇਟਰ, ਓ.ਬੀ.ਐਮ. ਇੰਜਣ ਆਦਿ ਨੂੰ ਚਾਲੂ ਹਾਲਤ ਵਿਚ ਰੱਖਿਆ ਜਾਵੇ ਤਾਂ ਜੋ ਫੌਰੀ ਜ਼ਰੂਰਤ ਪੈਣ ’ਤੇ ਇਨ੍ਹਾਂ ਨੂੰ ਵਰਤਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 25, ਪਹਿਲੀ ਮੰਜ਼ਿਲ ’ਤੇ ਸਥਾਪਿਤ ਕੀਤਾ ਗਿਆ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸੁਖਰਾਜ ਸਿੰਘ ਢਿੱਲੋਂ, ਸੁਪਰਡੰਟ ਅਮ੍ਰਿਤਪਾਲ ਕੌਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ