Home » ਮਾਂ ਬੋਲੀ ਪੰਜਾਬੀ ਦੇ ਹੱਕ ’ਚ ਸੜਕਾਂ ’ਤੇ ਉਤਰੇ ਲੋਕ

ਮਾਂ ਬੋਲੀ ਪੰਜਾਬੀ ਦੇ ਹੱਕ ’ਚ ਸੜਕਾਂ ’ਤੇ ਉਤਰੇ ਲੋਕ

ਪਰਿਵਾਰਾਂ ਸਮੇਤ ਕੀਤਾ ਰੋਸ ਮਾਰਚ; ਮਾਂ ਬੋਲੀ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ

by Rakha Prabh
46 views

ਚੰਡੀਗੜ੍ਹ, 2 ਜੂਨ

ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਅੱਜ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪੈਦਲ ਰੋਸ ਮਾਰਚ ਕੱਢਿਆ ਗਿਆ ਜਿਸ ਵਿੱਚ ਸ਼ਾਮਲ ਪੰਜਾਬੀ ਹਿਤੈਸ਼ੀਆਂ ਨੇ ਪੰਜਾਬੀ ਭਾਸ਼ਾ ਦੇ ਮਾਣ ਸਨਮਾਨ ਦੀ ਬਹਾਲੀ ਵਾਸਤੇ ਅਵਾਜ਼ ਬੁਲੰਦ ਕੀਤੀ। ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ ਦੀ ਅਗਵਾਈ ਹੇਠ ਕੱਢਿਆ ਗਿਆ ਇਹ ਰੋਸ ਮਾਰਚ ਮੱਖਣ ਸ਼ਾਹ ਲੁਬਾਣਾ ਭਵਨ ਸੈਕਟਰ 30 ਤੋਂ ਸ਼ੁਰੂ ਹੋ ਕੇ ਸੈਕਟਰ 22 ਸਥਿਤ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ। ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ  ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰ, ਸਮਾਜ ਸੇਵੀ ਸੰਗਠਨ, ਲੇਖਕ, ਸਾਹਿਤਕਾਰ, ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੇ ਵੀ ਇਸ ਵਿੱਚ ਸ਼ਮੂਲੀਅਤ ਕਰਦਿਆਂ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ।

ਸੈਕਟਰ 22 ਸਥਿਤ ਗੁਰਦੁਆਰੇ ਪਹੁੰਚੇ ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਪਦਮਸ੍ਰੀ ਸੁਰਜੀਤ ਪਾਤਰ, ਡਾ. ਜੋਗਾ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ ਤੋਂ ਡਾ. ਸੁਖਦੇਵ ਸਿੰਘ ਸਿਰਸਾ, ਪੱਤਰਕਾਰ ਤਰਲੋਚਨ ਸਿੰਘ, ਦੀਪਕ ਸ਼ਰਮਾ ਚਨਾਰਥਲ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬੀ ਭਾਸ਼ਾ ਉਤੇ ਹਮਲੇ ਕੀਤੇ ਜਾ ਰਹੇ ਹਨ ਅਤੇ ਪੰਜਾਬੀ ਭਾਸ਼ਾ ਨੂੰ ਨੁੱਕਰੇ ਲਗਾਉਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬੁਲਾਰਿਆਂ ਨੇ ਕਿਹਾ ਕਿ ਪੂਰੇ ਦੇਸ਼ ਵਿਚ ਇਕ ਵੀ ਸੂਬੇ ਦੀ ਦਫ਼ਤਰੀ ਭਾਸ਼ਾ ਅੰਗਰੇਜ਼ੀ ਨਹੀਂ ਹੈ ਅਤੇ ਨਾ ਹੀ ਕਿਸੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਹੈ ਜਦਕਿ ਸਿਰਫ਼ ਚੰਡੀਗੜ੍ਹ ਵਿਚ ਇਸ ਨੂੰ ਲਾਗੂ ਕੀਤਾ ਗਿਆ ਹੈ। ਇੱਥੇ ਵਸਦੇ ਲਗਪਗ 13 ਲੱਖ ਲੋਕਾਂ ਵਿਚੋਂ ਇਕ ਦੀ ਵੀ ਮਾਂ-ਬੋਲੀ ਅੰਗਰੇਜ਼ੀ ਭਾਸ਼ਾ ਨਹੀਂ ਹੈ।

ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਹੱਲੋਮਾਜਰਾ ਅਤੇ ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਇਹ ਪ੍ਰਣ ਕੀਤਾ ਹੈ ਕਿ ਪੰਜਾਬੀ ਭਾਸ਼ਾ ਦਾ ਮੁੱਦਾ ਉਨ੍ਹਾਂ ਦੇ ਜੀਵਨ, ਮਾਣ-ਸਨਮਾਨ, ਇੱਜ਼ਤ ਅਤੇ ਭਵਿੱਖ ਨਾਲ ਜੁੜਿਆ ਹੈ। ਚੰਡੀਗੜ੍ਹ ਪੰਜਾਬੀ ਮੰਚ ਪਿਛਲੇ ਲੰਬੇ ਸਮੇਂ ਤੋਂ ਚੰਡੀਗੜ੍ਹ ਪ੍ਰਸ਼ਾਸਨ ਦੀ ਪਹਿਲੀ ਅਤੇ ਪੰਜਾਬੀ ਭਾਸ਼ਾ ਵਜੋਂ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰਦਾ ਆ ਰਿਹਾ ਹੈ ਅਤੇ ਪ੍ਰਸ਼ਾਸਨ ਨੂੰ ਕਈ ਵਾਰ ਮੰਗ ਪੱਤਰ ਵੀ ਦਿੱਤੇ ਗਏ ਹਨ ਪ੍ਰੰਤੂ ਪ੍ਰਸ਼ਾਸਨ ਪੰਜਾਬੀਆਂ ਦੇ ਸਬਰ ਦਾ ਇਮਤਿਹਾਨ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਚ ਵੱਲੋਂ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ।

ਅੱਜ ਦੇ ਇਸ ਰੋਸ ਮਾਰਚ ਵਿੱਚ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ ਸਾਰੰਗਪੁਰ, ਗੁਰਦਿਆਲ ਸਿੰਘ ਖੁੱਡਾਅਲੀਸ਼ੇਰ, ਗੁਰਪ੍ਰੀਤ ਸਿੰਘ ਸੋਮਲ, ਪ੍ਰਧਾਨ ਨੰਬਰਦਾਰ ਦਲਜੀਤ ਸਿੰਘ ਪਲਸੌਰਾ, ਕਿਸਾਨ ਆਗੂ ਸ਼ਰਨਜੀਤ ਸਿੰਘ ਰਾਏਪੁਰ ਕਲਾਂ, ਤਰਕਸ਼ੀਲ ਸੋਸਾਇਟੀ ਤੋਂ ਜੋਗਾ ਸਿੰਘ, ਪੰਜਾਬੀ ਲੇਖਕ ਸਭਾ ਚੰਡੀਗੜ੍ਹ ਤੋਂ ਬਲਕਾਰ ਸਿੰਘ ਸਿੱਧੂ, ਭੁਪਿੰਦਰ ਮਲਿਕ,  ਅਵਤਾਰ ਸਿੰਘ ਪਤੰਗ, ਪਾਲ ਅਜਨਬੀ, ਹਰਵਿੰਦਰ ਕਾਲੜਾ, ਮਨਜੀਤ ਕੌਰ ਮੀਤ, ਸਾਹਿਤ ਵਿਗਿਆਨ ਕੇਂਦਰ ਦੇ ਪ੍ਰਧਾਨ ਸੇਵੀ ਰਾਇਤ, ਜਨਰਲ ਸਕੱਤਰ ਗੁਰਦਰਸ਼ਨ ਮਾਵੀ, ਖਰੜ ਵਿਕਾਸ ਮੰਚ ਤੋਂ ਰਣਜੀਤ ਸਿੰਘ ਹੰਸ, ਸੀ.ਟੀ.ਯੂ. ਵਰਕਰਜ਼ ਯੂਨੀਅਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਤੇ ਨਿਗਮ ਕੌਂਸਲਰ ਹਰਦੀਪ ਸਿੰਘ ਬੁਟੇਰਲਾ, ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਸੇਵਾਮੁਕਤ ਖੇਡ ਅਫ਼ਸਰ ਜੀਤ ਸਿੰਘ ਸੋਮਲ, ਯੂਥ ਆਫ਼ ਪੰਜਾਬ ਦੇ ਸੂਬਾ ਚੇਅਰਮੈਨ ਪਰਮਦੀਪ ਬੈਦਵਾਨ, ਵਿਨੋਦ ਨਾਗਪਾਲ, ਮੋਹਾਲੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਭਾਗ ਸਿੰਘ ਬੁੜੈਲ ਆਦਿ ਵੀ ਸ਼ਾਮਲ ਹੋਏ।

Related Articles

Leave a Comment