ਬਠਿੰਡਾ, 2 ਜੂਨ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਅੱਜ ਪਹਿਲਵਾਨ ਕੁੜੀਆਂ ਦੇ ਸ਼ਾਂਤਮਈ ਰੋਸ ਦੇ ਹੱਕ ਦੀ ਬਹਾਲੀ ਲਈ ਅੱਜ ਇਥੇ ਮਿਨੀ ਸਕੱਤਰੇਤ ਅੱਗੇ ਰੋਸ ਧਰਨਾ ਦਿੱਤਾ ਅਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ 35 ਦਿਨਾਂ ਤੋਂ ਇਨਸਾਫ਼ ਲੈਣ ਲਈ ਦਿੱਲੀ ਦੇ ਜੰਤਰ-ਮੰਤਰ ’ਤੇ ਬੈਠੀਆਂ ਪਹਿਲਵਾਨ ਕੁੜੀਆਂ ਨੂੰ ਇਨਸਾਫ਼ ਦੇਣ ਦੀ ਬਜਾਏ ਉਲਟਾ ਪੁਲੀਸ ਵੱਲੋਂ ਉਨ੍ਹਾਂ ’ਤੇ ਹੀ ਕੇਸ ਦਰਜ ਦਿੱਤੇ ਗਏ। ਬੁਲਾਰਿਆਂ ਨੇ ਕਿਹਾ ਕਿ ਖਿਡਾਰਨਾਂ ਨੂੰ ਇਨਸਾਫ ਦਿਵਾਉਣ ਤੱਕ ਉਨ੍ਹਾਂ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ।
ਜੈਤੋ (ਪੱਤਰ ਪ੍ਰੇਰਕ):ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਜੈਤੋ ਬਲਾਕ ਦੀਆਂ ਅੱਧੀ ਦਰਜਨ ਕਿਸਾਨ ਜੱਥੇਬੰਦੀਆਂ ਨੇ ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਵੱਲੋਂ ਪਹਿਲਵਾਨ ਲੜਕੀਆਂ ਨਾਲ ਕੀਤੇ ਕਥਿਛ ਜਿਨਸੀ ਸ਼ੋਸ਼ਣ ਖ਼ਿਲਾਫ਼ ਅੱਜ ਇਥੇ ਐੱਸਡੀਐਮ ਦਫ਼ਤਰ ਸਾਹਮਣੇ ਰੋਸ ਧਰਨਾ ਦੇਣ ਸਮੇਤ ਬਣਦੀ ਕਾਰਵਾਈ ਕਰਨ ਲਈ ਦਖ਼ਲ ਦੇਣ ਲਈ ਰਾਸ਼ਟਰਪਤੀ ਦੇ ਨਾਂਅ ਤਹਿਸੀਲਦਾਰ ਜੈਤੋ ਲਵਪ੍ਰੀਤ ਕੌਰ ਨੂੰ ਮੰਗ ਪੱਤਰ ਦਿੱਤਾ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ):ਸੰਯੁਕਤ ਕਿਸਾਨ ਮੋਰਚੇ ਵੱਲੋਂ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਗੁਰੂ ਗੋਬਿੰਦ ਸਿੰਘ ਪਾਰਕ ਤੋਂ ਕੋਟਕਪੂਰਾ ਚੌਕ ਤੱਕ ਮਾਰਚ ਕੀਤਾ ਗਿਆ। ਇਸ ਦੌਰਾਨ ਸ਼ਹਿਰ ਦੇ ਕੋਟਕਪੂਰਾ ਚੌਂਕ ’ਚ ਬ੍ਰਿਜ ਭੂਸ਼ਣ ਦਾ ਪੁਤਲਾ ਫੂਕਿਆ ਗਿਆ ਤੇ ਭਾਜਪਾ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਤਲਵੰਡੀ ਸਾਬੋ (ਪੱਤਰ ਪ੍ਰੇਰਕ):ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ’ਤੇ ਅੱਜ ਵੱਖ-ਵੱਖ ਜਥੇਬੰਦੀਆਂ ਨੇ ਸਥਾਨਕ ਥਾਣਾ ਚੌਕ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕ ਕੇ ਉਸ ਦੀ ਗ੍ਰਿਫ਼ਤਾਰੀਦ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਰਹਿਣਗੇ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ):ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਲ ਜਥੇਬੰਦੀਆਂ ਨੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ।
ਬਰਨਾਲਾ (ਖੇਤਰੀ ਪ੍ਰਤੀਨਿਧ):ਮਹਿਲਾ ਪਹਿਲਵਾਨਾਂ ਦਾ ਕਥਿਤ ਜਿਨਸੀ ਸ਼ੋਸ਼ਣ ਕਰਨ ਵਾਲੇ ਕੁਸ਼ਤੀ ਫੈਡਰੇਸ਼ਨ ਮੁਖੀ ਤੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਫੌਰੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਤੇ ਜਨਤਕ ਜਥੇਬੰਦੀਆਂ ਨੇ ਰੋਹ ਭਰਪੂਰ ਅਰਥੀ ਫੂਕ ਪ੍ਰਦਰਸ਼ਨ ਕੀਤੇ ਅਤੇ ਮੰਗ ਪੱਤਰ ਸੌਂਪੇ।
ਭੁੱਚੋ ਮੰਡੀ (ਪੱਤਰ ਪ੍ਰੇਰਕ):ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਨੇ ਸ਼ਹਿਰ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ ਕੇਂਦਰ ਦੀ ਮੋਦੀ ਸਰਕਾਰ ਤੇ ਜਿਨਸੀ ਸ਼ੋਸ਼ਣ ਦੇ ਕਥਿੱਤ ਮੁਲਜ਼ਮ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਮਾਨਸਾ (ਪੱਤਰ ਪ੍ਰੇਰਕ):ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਪੱਧਰੀ ਸੱਦੇ ਤਹਿਤ ਅੱਜ ਇਥੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਲਈ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ।