ਅੰਮ੍ਰਿਤਸਰ, 2 ਜੂਨ
ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਦੇ ਸੂਬਾਈ ਸੱਦੇ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਤੇ ਤਰਨ ਤਾਰਨ ਦੀਆਂ ਕੁੱਕ ਵਰਕਰਾਂ ਵੱਲੋਂ ਸੂਬਾ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ਹੇਠ ਨਿਊ ਅੰਮ੍ਰਿਤਸਰ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਨੇੜੇ ਰੈਲੀ ਕੀਤੀ ਗਈ। ਇਸ ਮੌਕੇ ਮਿਡ ਡੇਅ-ਮੀਲ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਸਕਰਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੰਗ ਪੱਤਰ ਪ੍ਰਾਪਤ ਕਰਨ ਪਹੁੰਚੇ ਤਹਿਸੀਲਦਾਰ ਅੰਮ੍ਰਿਤਸਰ-1 ਵੱਲੋਂ ਬਿਜਲੀ ਮੰਤਰੀ ਨਾਲ ਗੱਲਬਾਤ ਕਰਕੇ ਜਲਦੀ ਹੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ।
ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਸਰਬਜੀਤ ਕੌਰ ਭੋਰਛੀ, ਰਾਜ ਕੌਰ ਤਰਨ ਤਾਰਨ, ਪਰਮਜੀਤ ਕੌਰ ਵੈਰੋਵਾਲ ਅਤੇ ਹਰਜਿੰਦਰ ਕੌਰ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੁੱਕ ਵਰਕਰਾਂ ਨਾਲ਼ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਵਾਅਦੇ ਨੂੰ ਪੂਰਾ ਕਰਨਾ ਤਾਂ ਦੂਰ ਦੀ ਗੱਲ ਹੈ, ਹੁਣ ਤਕ ਸਰਕਾਰ ਵੱਲੋਂ ਮਿਡ ਡੇਅ-ਮੀਲ ਵਰਕਰਾਂ ਨੂੰ ਕਿਸੇ ਮੀਟਿੰਗ ਦਾ ਸੱਦਾ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਿਡ ਡੇਅ- ਮੀਲ ਵਰਕਰਾਂ ਦਾ ਸ਼ੋਸ਼ਣ ਪਹਿਲਾਂ ਵਾਂਗ ਹੀ ਜਾਰੀ ਹੈ।