ਫਗਵਾੜਾ 3 ਜੂਨ (ਸ਼ਿਵ ਕੋੜਾ) ਭਗਵੰਤ ਮਾਨ ਸਰਕਾਰ ਵੱਲੋਂ ਮਾਰਕੀਟ ਕਮੇਟੀ ਫਗਵਾੜਾ ਦੇ ਐਲਾਨੇ ਗਏ ਚੇਅਰਮੈਨ ਤਵਿੰਦਰ ਰਾਮ ਨੇ ਅੱਜ ਸਾਥੀਆਂ ਸਮੇਤ ਸ਼ਹਿਰ ਦੇ ਦੋ ਪ੍ਰਮੁੱਖ ਗੁਰੂਧਾਮਾਂ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਤੌਰ ਚੇਅਰਮੈਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹੀ। ਉਪਰੰਤ ਉਹ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਵਿਖੇ ਪਹੁੰਚੇ ਅਤੇ ਗੁਰੂ ਸਾਹਿਬ ਦੇ ਚਰਨਾਂ ’ਚ ਮੱਥਾ ਟੇਕ ਕੇ ਅਸ਼ੀਰਵਾਦ ਲਿਆ। ਮਾਰਕੀਟ ਕਮੇਟੀ ਚੇਅਰਮੈਨ ਤਵਿੰਦਰ ਰਾਮ ਅਤੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਲਲਿਤ ਸਕਲਾਨੀ ਨੂੰ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਵਿੰਦਰ ਕੁਲਥਮ, ਮੀਤ ਪ੍ਰਧਾਨ ਯਸ਼ ਬਰਨਾ, ਬਲਦੇਵ ਰਾਜ ਕੋਮਲ, ਗੁਰਬਚਨਾ ਰਾਮ, ਸੀਟੂ ਬਾਈ ਅਤੇ ਹੋਰਨਾਂ ਨੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਵਜੋਂ ਗੁਰੂ ਸਾਹਿਬ ਦੀ ਤਸਵੀਰ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਤਵਿੰਦਰ ਰਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਭ੍ਰਿਸ਼ਟ ਤੰਤਰ ਵਿਰੁੱਧ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਮਰਪਿਤ ਭਾਵਨਾ ਤੋਂ ਪ੍ਰੇਰਨਾ ਲੈਂਦਿਆਂ ਕਿਸੇ ਵੀ ਅਹੁਦੇ ਦੀ ਲਾਲਸਾ ਤੋਂ ਬਿਨਾਂ ਇੱਕ ਆਮ ਵਰਕਰ ਵਜੋਂ ਹਮੇਸ਼ਾ ਨਿਰਸਵਾਰਥ ਭਾਵਨਾ ਨਾਲ ਪਾਰਟੀ ਦੀ ਸੇਵਾ ਕੀਤੀ ਹੈ। ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਫਗਵਾੜਾ ਦੀਆਂ ਮੰਡੀਆਂ ਵਿੱਚ ਲੋੜੀਂਦੇ ਸੁਧਾਰਾਂ ਸਮੇਤ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹਿੱਤ ਵਿੱਚ ਕੰਮ ਕਰਨ ਦੀ ਗੱਲ ਵੀ ਕਹੀ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਕੈਸ਼ੀਅਰ ਅਸ਼ੋਕ ਭਾਟੀਆ, ਐਸ.ਸੀ ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ, ਵਿਜੇ ਬੰਗਾ, ਹਰਜਿੰਦਰ ਸਿੰਘ ਖ਼ਾਲਸਾ, ਡਾ: ਜਤਿੰਦਰ ਸਿੰਘ ਪਰਹਾਰ, ਹਰਪਾਲ ਢਿੱਲੋਂ, ਪੁਸ਼ਪਿੰਦਰ ਸਿੰਘ, ਮਨਮੋਹਨ ਸਿੰਘ, ਮੱਖਣ ਸਿੰਘ ਮੌਲੀ, ਰਾਜਵੀਰ ਸਿੰਘ, ਹਰਪ੍ਰੀਤ ਸਿੰਘ, ਮੁਨੀਸ਼, ਬਲਜੀਤ ਸਿੰਘ, ਸੋਨੀ ਵਾਲੀਆ ਆਦਿ ਹਾਜ਼ਰ ਸਨ।