ਚੋਹਲਾ ਸਾਹਿਬ/ਤਰਨਤਾਰਨ,14 ਜੂਨ (ਨਈਅਰ)
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਜਲੀ ਦੀਆਂ ਦਰਾਂ ਵਿੱਚ ਕੀਤੇ ਗਏ ਵਾਧੇ ਨੂੰ ਪੰਜਾਬ ਦੇ ਲੋਕ ਅਜੇ ਭੁੱਲੇ ਨਹੀਂ ਕਿ ਹੁਣ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਲਗਾ ਕੇ ਆਮ ਲੋਕਾਂ ਦੀ ਜੇਬ ਉੱਤੇ ਭਾਰੀ ਬੋਝ ਪਾਇਆ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸੁੱਖ ਸਹੂਲਤ ਤਾਂ ਕੀ ਦੇਣੀ ਸਗੋਂ ਲੋਕਾਂ ਉਪਰ ਨਵੇਂ-ਨਵੇਂ ਹੁਕਮ ਜਾਰੀ ਕਰਕੇ ਆਮ ਜਨਤਾ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਉਹਨਾ ਕਿਹਾ ਕਿ ਪੰਜਾਬ ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਸ ਵੇਲੇ ਤੋਂ ਲੈ ਕੇ ਹੁਣ ਤੱਕ 2 ਵਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।ਇਸ ਮੌਕੇ ਉਨ੍ਹਾਂ ਕਿਹਾ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜਿੱਥੇ ਬਹੁ ਗਿਣਤੀ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਦੇ ਚੱਲਦਿਆਂ ਬੜੀ ਮੁਸ਼ਕਲ ਨਾਲ ਖੇਤੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਹਨ ਅਤੇ ਹੁਣ ਜਿਸ ਤਰ੍ਹਾਂ ਸਰਕਾਰ ਵੱਲੋਂ ਪੈਟਰੋਲ ਦੇ ਨਾਲ-ਨਾਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ,ਇਸ ਨਾਲ ਜਿੱਥੇ ਕਿਸਾਨੀ ਕਿੱਤੇ ਨੂੰ ਭਾਰੀ ਢਾਹ ਲੱਗੇਗੀ ਉਥੇ ਆਮ ਲੋਕਾਂ ਲਈ ਇਸ ਮਹਿੰਗਾਈ ਦਾ ਬੋਝ ਪਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਇਸ ਫੈਸਲੇ ‘ਤੇ ਦੁਬਾਰਾ ਵਿਚਾਰ ਕਰੇ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਸ.ਸਤਨਾਮ ਸਿੰਘ ਸੱਤਾ ਚੋਹਲਾ ਸਾਹਿਬ ਮੈਂਬਰ ਬਲਾਕ ਸੰਮਤੀ,ਹਰਦੀਪ ਸਿੰਘ ਸਾਬਕਾ ਸਰਪੰਚ ਰਾਣੀਵਲਹ,ਯੂਥ ਆਗੂ ਜਗਰੂਪ ਸਿੰਘ ਪੱਖੋਪੁਰ ਸਮੇਤ ਹੋਰ ਮੋਹਤਬਰ ਸੱਜਣ ਹਾਜ਼ਰ ਸਨ।
ਫੋਟੋ ਕੈਪਸ਼ਨ: ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ।ਨਾਲ ਹਨ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਸੱਤਾ ਚੋਹਲਾ ਸਾਹਿਬ ਤੇ ਹੋਰ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)