ਫ਼ਿਰੋਜ਼ਪੁਰ, 16 ਜੂਨ 2023:
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਅੱਜ ਫਿਰੋਜ਼ਪੁਰ ਦੀ ਤਹਿਸੀਲ ਜ਼ੀਰਾ ਅਤੇ ਮੱਖੂ ਖੇਤਰ ਵਿੱਚ ਸਰਕਾਰੀ ਰਾਸ਼ਨ ਡਿਪੂਆਂ ਵਿੱਚ ਵੰਡੀ ਜਾ ਰਹੀ ਕਣਕ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਮੱਖੂ ਦੇ ਏ.ਐਫ.ਐਸ.ਓ. ਸੰਜੀਤ ਕੁਮਾਰ ਅਤੇ ਜ਼ੀਰਾ ਦੇ ਏ.ਐਫ.ਐਸ.ਓ. ਦਿਨੇਸ਼ ਅਗਰਵਾਲ ਹਾਜ਼ਰ ਸਨ।
ਇਸ ਮੌਕੇ ਉਨ੍ਹਾਂ ਸਮੂਹ ਡਿਪੂ ਹੋਲਡਰਾਂ ਨੂੰ ਹਦਾਇਤ ਕੀਤੀ ਕਿ ਉਹ ਅਨਾਜ ਦੀ ਵੰਡ ਵਿੱਚ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਿਪੂਆਂ ’ਤੇ ਸਰਕਾਰੀ ਸਕੀਮਾਂ ਸਬੰਧੀ ਸ਼ਿਕਾਇਤ ਬਕਸੇ, ਸੁਝਾਅ ਬਾਕਸ ਅਤੇ ਜਾਗਰੂਕਤਾ ਬੈਨਰ ਲਗਾਏ ਜਾਣ।
ਇਸ ਤੋਂ ਇਲਾਵਾ ਉਨ੍ਹਾਂ ਮੱਖੂ ਦੇ ਪਿੰਡ ਮਹਿਮੂਦ ਵਾਲਾ ਦੇ ਰਾਸ਼ਨ ਡਿਪੂ ਅਤੇ ਜ਼ੀਰਾ ਦੇ ਸਮਾਧੀ ਮੁਹੱਲੇ ਦੇ ਬਾਹਰ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ ਨਾ ਲਿਖਣ ਲਈ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕੀਤੀ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇਸ ਕਮੀ ਨੂੰ ਛੇਤੀ ਹੀ ਦੂਰ ਕੀਤਾ ਜਾਵੇਗਾ।
ਇਸ ਦੌਰਾਨ ਬਾਇਓਮੈਟ੍ਰਿਕ ਮਸ਼ੀਨਾਂ ਦੀ ਘਾਟ ਕਾਰਨ ਕਣਕ ਦੀ ਵੰਡ ਵਿੱਚ ਹੋ ਰਹੀ ਦੇਰੀ ਦੇ ਮਾਮਲੇ ਵਿੱਚ ਕਮਿਸ਼ਨ ਦੇ ਮੈਂਬਰ ਨੇ ਦੱਸਿਆ ਕਿ ਇਸ ਸਮੱਸਿਆ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। ਫੂਡ ਕਮਿਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਟੈਂਡਰ ਜਾਰੀ ਕੀਤਾ ਹੈ, ਜਿਸ ਦੇ ਮੁਕੰਮਲ ਹੋਣ ਤੋਂ ਬਾਅਦ ਹਰ ਡਿਪੂ ਵਿੱਚ ਬਾਇਓਮੈਟ੍ਰਿਕ ਮਸ਼ੀਨ ਉਪਲਬਧ ਹੋਵੇਗੀ ਅਤੇ ਇਲੈਕਟ੍ਰਾਨਿਕ ਕੰਡਾ ਵੀ ਉਪਲਬਧ ਕਰਵਾਇਆ ਜਾਵੇਗਾ।
ਇਸ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਨੇ ਕਣਕ ਖਰੀਦਣ ਲਈ ਆਏ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਸ਼੍ਰੀ ਵਿਜੇ ਦੱਤ ਨੇ ਦੱਸਿਆ ਕਿ ਰਾਸ਼ਨ ਡਿਪੂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।